ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 11 ਸਤੰਬਰ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਦੇ ਦੁੱਖ-ਦਰਦ ਸਾਂਝੇ ਕੀਤੇ ਅਤੇ ਉਨ੍ਹਾਂ ਦੀ ਮਦਦ ਲਈ ਹੱਥ ਵਧਾਇਆ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਮਿਲ ਕੇ ਉਨ੍ਹਾਂ ਨੇ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕਰਦਿਆਂ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਭੇਟ ਕੀਤੇ।

ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਕਲਾਨੌਰ ਮੈਡਮ ਜਯੋਤਸਨਾ ਸਿੰਘ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐਸ.ਡੀ.ਐਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ ਅਤੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਸਮੇਤ ਕਈ ਅਧਿਕਾਰੀ ਵੀ ਮੌਜੂਦ ਸਨ।
ਨੇਕ ਕਮਾਈ ਨਾਲ ਕੀਤੀ ਸਹਾਇਤਾ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ, ਓਥੇ ਉਹ ਆਪਣੀ ਨੇਕ ਕਮਾਈ ਅਤੇ ਦੋਸਤਾਂ ਦੇ ਸਹਿਯੋਗ ਨਾਲ ਵੀ ਲੋਕਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ 10 ਪਰਿਵਾਰਾਂ ਨੂੰ ਚੈੱਕ ਦਿੱਤੇ ਗਏ ਹਨ, ਜਦਕਿ ਬੀਤੇ ਦਿਨ ਪਠਾਨਕੋਟ ਜ਼ਿਲ੍ਹੇ ਦੇ 10 ਪਰਿਵਾਰਾਂ ਨੂੰ ਕੁੱਲ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਇਹ ਸਮਾਂ ਇਕ-ਦੂਜੇ ਦੇ ਸਾਥ ਖੜ੍ਹਨ ਦਾ ਹੈ ਅਤੇ ਹਰ ਪੰਜਾਬੀ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਸਿਹਤ ਸੇਵਾਵਾਂ ‘ਤੇ ਖਾਸ ਧਿਆਨ
ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਹੜ੍ਹ ਪੀੜ੍ਹਤ ਨੂੰ ਇਲਾਜ ਲਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਘਰ-ਘਰ ਸਿਹਤ ਜਾਂਚ ਹੋ ਰਹੀ ਹੈ ਅਤੇ ਪਾਣੀ ਦੀ ਟੈਸਟਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਹੜ੍ਹ ਦੇ ਪਾਣੀ ਕਾਰਨ ਡੇਂਗੂ, ਮਲੇਰੀਆ ਅਤੇ ਡਾਇਰੀਆ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਰਹਿੰਦਾ ਹੈ, ਇਸ ਲਈ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਰੋਕਥਾਮ ਲਈ ਉਚਿਤ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੰਪ ਦੇ ਡੰਗਣ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਐਂਟੀ ਸਨੇਕ ਵੈਨਮ ਦਵਾਈਆਂ ਵੀ ਉਪਲਬਧ ਕਰਵਾਈਆਂ ਗਈਆਂ ਹਨ।
ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਸਿਹਤ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕਰਕੇ ਤੁਰੰਤ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਮੈਡੀਕਲ ਕੈਂਪਾਂ ਦਾ ਨਿਰੀਖਣ
ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਈ ਮੈਡੀਕਲ ਕੈਂਪਾਂ ਦਾ ਨਿਰੀਖਣ ਕੀਤਾ ਅਤੇ ਅਮਲੇ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹਦਾਇਤ ਦਿੱਤੀ ਕਿ ਮੈਡੀਕਲ ਕੈਂਪਾਂ ਦਾ ਘੇਰਾ ਹੋਰ ਵਧਾਇਆ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਸਿਹਤ ਸੇਵਾਵਾਂ ਤੋਂ ਵਾਂਝਾ ਨਾ ਰਹੇ।
ਧਾਰਮਿਕ ਅਰਦਾਸ ਨਾਲ ਦੌਰਾ ਸਮਾਪਤ
ਦੌਰੇ ਦੇ ਅੰਤ ‘ਤੇ ਡਾ. ਬਲਬੀਰ ਸਿੰਘ ਨੇ ਆਪਣੀ ਧਰਮ ਪਤਨੀ ਰੁਪਿੰਦਰਜੀਤ ਸੈਣੀ ਸਮੇਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ਼ ਸਰਕਾਰ ਵੱਲੋਂ ਬਲਕਿ ਆਪਣੇ ਨਿੱਜੀ ਪੱਧਰ ‘ਤੇ ਵੀ ਹੜ੍ਹ ਪੀੜ੍ਹਤਾਂ ਦੀ ਵੱਡੀ ਸਹਾਇਤਾ ਕੀਤੀ ਹੈ।










