ਜਤਿੰਦਰ ਬੈਂਸ/ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਪਠਾਨਕੋਟ, 12 ਸਤੰਬਰ
ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਅਦਿਤਿਆ ਉੱਪਲ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਕਮਲਦੀਪ ਕੌਰ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਹੜ੍ਹ ਪ੍ਰਭਾਵਿਤ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਉਨ੍ਹਾਂ ਨੇ ਸਕੂਲਾਂ ਦੀਆਂ ਅਸੁਰੱਖਿਅਤ ਇਮਾਰਤਾਂ, ਬੱਚਿਆਂ ਦੀ ਸੁਰੱਖਿਆ ਸੰਬੰਧੀ ਪ੍ਰਬੰਧਾਂ ਅਤੇ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿਵਾਇਆ।

ਡੀਈਓ ਸ੍ਰੀਮਤੀ ਕਮਲਦੀਪ ਕੌਰ ਨੇ ਦੱਸਿਆ ਕਿ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਕਈ ਸਕੂਲਾਂ ਨੂੰ ਨੁਕਸਾਨ ਹੋਇਆ ਹੈ। ਇਸ ਸਬੰਧੀ ਸਰਕਾਰੀ ਪ੍ਰਾਇਮਰੀ ਸਕੂਲ ਰਕਵਾਲ, ਅਦਾਲਤਗੜ, ਚੇਲੇ ਚੱਕ, ਤਾਹਰਪੁਰ ਅਤੇ ਹੈਬਤ ਪਿੰਡੀ ਦਾ ਖ਼ਾਸ ਤੌਰ ‘ਤੇ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਸਕੂਲਾਂ ਵਿੱਚ ਚੱਲ ਰਹੇ ਮਿਸ਼ਨ ਸਮਰਥ ਤਹਿਤ ਗਤੀਵਿਧੀਆਂ, ਵਿਦਿਆਰਥੀਆਂ ਨੂੰ ਮਿਲ ਰਹੇ ਮਿਡ ਡੇ ਮੀਲ ਦੀ ਗੁਣਵੱਤਾ, ਮਿਡ ਡੇ ਮੀਲ ਬਣਾਉਣ ਲਈ ਵਰਤੇ ਜਾਂਦੇ ਭਾਂਡੇ, ਅਤੇ ਬੱਚਿਆਂ ਦੀ ਹਾਜ਼ਰੀ ਦੀ ਵੀ ਜਾਂਚ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਹੜ੍ਹ ਕਾਰਨ ਕਈ ਸਕੂਲਾਂ ਦੀਆਂ ਇਮਾਰਤਾਂ, ਚਾਰਦੀਵਾਰੀਆਂ ਅਤੇ ਮਹੱਤਵਪੂਰਨ ਰਿਕਾਰਡ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਜਿਸਦੀ ਰਿਪੋਰਟ ਤਿਆਰ ਕਰਕੇ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ ਜਲਦ ਹੀ ਦੂਰ ਕੀਤੀਆਂ ਜਾਣਗੀਆਂ।











