Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 13 ਸਤੰਬਰ
ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਸ਼ੋਭਾ ਕਰੰਦਲਾਜੇ ਨੇ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੌਕੇ ‘ਤੇ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਕੁੱਲ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਅਤੇ ਰਾਹਤ ਕਾਰਜਾਂ ਦੀ ਤਾਜ਼ਾ ਸਥਿਤੀ ਤੋਂ ਅਗਾਹ ਕਰਵਾਇਆ।
ਅੱਜ ਸਵੇਰੇ ਸ਼੍ਰੀਮਤੀ ਸ਼ੋਭਾ ਕਰੰਦਲਾਜੇ ਨੇ ਗੁਰਦਾਸਪੁਰ ਗੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨੇ ਸਰਹੱਦੀ ਖੇਤਰਾਂ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਖ਼ੁਦ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦਾ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕੀਤਾ ਗਿਆ ਹੈ
ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਅਜਿਹੀਆਂ ਸਥਿਤੀਆਂ ਤੋਂ ਬਚਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਯਤਨ ਕਰਨਗੇ ਅਤੇ ਰਾਜ ਸਰਕਾਰ ਨੂੰ ਤਕਨੀਕੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਆਗੂ ਬਘੇਲ ਸਿੰਘ ਤੇ ਰਵੀ ਕਰਨ ਸਿੰਘ ਕਾਹਲੋਂ ਵੀ ਹਾਜ਼ਰ ਸਨ।


Share & like

Leave a Reply