Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 13 ਸਤੰਬਰ
ਕੇਂਦਰੀ ਰਾਜ ਮੰਤਰੀ ਸ੍ਰੀ ਜਾਰਜ ਕੁਰੀਆਂ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ, ਪਿੰਡ ਰੱਤਾ, ਰੱਤੜ-ਛੱਤੜ, ਘਣੀਏ-ਕੇ-ਬੇਟ, ਧਰਮਕੋਟ ਰੰਧਾਵਾ, ਧਰਮਕੋਟ ਪੱਤਣ, ਗੁਰਚੱਕ, ਡਾਲਾ ਅਤੇ ਗੋਲਾ-ਢੋਲਾ ਸਮੇਤ ਕਈ ਪਿੰਡਾਂ ਵਿੱਚ ਪਹੁੰਚ ਕੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ।

ਮੰਤਰੀ ਨੇ ਹੜ੍ਹ ਪੀੜਤ ਪਰਿਵਾਰਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੇ ਦੁੱਖ-ਦਰਦ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਵਿਸਥਾਰ ਨਾਲ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਦੀ ਸਹਾਇਤਾ ਲਈ ਰਾਹਤ ਅਤੇ ਪੁਨਰਵਾਸ ਦੇ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਜਾਰਜ ਕੁਰੀਆਂ ਨੇ ਕਿਹਾ ਕਿ ਹੜ੍ਹ ਕਾਰਨ ਸਰਹੱਦ ਨਾਲ ਲੱਗਦੇ ਖੇਤਰ ਨੂੰ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਪੰਜਾਬ ਦੇ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਵੀ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਕੇਂਦਰ ਸਰਕਾਰ ਵੱਲੋਂ ਸੂਬੇ ਲਈ 1600 ਕਰੋੜ ਰੁਪਏ ਦਾ ਵਿਸ਼ੇਸ਼ ਵਿੱਤੀ ਪੈਕੇਜ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਦੁਬਾਰਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਲੋੜੀਂਦੇ ਯਤਨ ਕਰਨਗੀਆਂ।

ਇਸ ਦੌਰੇ ਦੌਰਾਨ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਡੀ.ਆਰ.ਓ. ਜਸਕਰਨਜੀਤ ਸਿੰਘ, ਤਹਿਸੀਲਦਾਰ ਲਛਮਣ ਸਿੰਘ ਰੰਧਾਵਾ, ਬੀ.ਡੀ.ਪੀ.ਓ. ਅਮਨਦੀਪ ਕੌਰ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਡਾ. ਗੁਰਦੇਵ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਭਾਜਪਾ ਆਗੂ ਬਘੇਲ ਸਿੰਘ ਤੇ ਰਵੀ ਕਰਨ ਸਿੰਘ ਕਾਹਲੋਂ ਵੀ ਹਾਜ਼ਰ ਸਨ।


Share & like

Leave a Reply