ਅਜਨਾਲਾ, ਗੁਰਦਾਸਪੁਰ, ਦੀਨਾਨਗਰ, ਅੰਮ੍ਰਿਤਸਰ ਅਤੇ ਸੂਬੇ ਦੇ ਹੋਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ
ਜ਼ਿਲ੍ਹਾ ਗੁਰਦਾਸਪੁਰ ਵਿੱਚ ਰਾਹੁਲ ਗਾਂਧੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਡਰੋਨ ਉਡਾਉਣ ‘ਤੇ ਪਾਬੰਦੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 14 ਸਤੰਬਰ
ਵਿਰੋਧੀ ਧਿਰ ਦੇ ਆਗੂ ਅਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਭਲਕੇ 15 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਹ ਦੌਰਾ ਇੱਕ ਦਿਨ ਦਾ ਹੋਵੇਗਾ ਜਿਸ ਦੌਰਾਨ ਉਹ ਅਜਨਾਲਾ, ਗੁਰਦਾਸਪੁਰ, ਦੀਨਾਨਗਰ, ਅੰਮ੍ਰਿਤਸਰ ਅਤੇ ਹੋਰ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਲੋਕਾਂ ਨਾਲ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਦੱਸਿਆ ਕਿ ਰਾਹੁਲ ਗਾਂਧੀ ਸਵੇਰੇ 9.30 ਵਜੇ ਅੰਮ੍ਰਿਤਸਰ ਹਵਾਈ ਅੱਡੇ ਉਤਰਣਗੇ ਅਤੇ ਉੱਥੋਂ ਸਿੱਧੇ ਰਾਮਦਾਸ ਖੇਤਰ ਜਾਣਗੇ। ਉਨ੍ਹਾਂ ਦਾ ਧਿਆਨ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਨ, ਹਾਲਾਤ ਦਾ ਜਾਇਜ਼ਾ ਲੈਣ ਅਤੇ ਰਾਹਤ ਕੰਮਾਂ ਦੀ ਨਿਗਰਾਨੀ ਕਰਨ ਉੱਤੇ ਹੋਵੇਗਾ।
ਦੌਰੇ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ, ਆਈ.ਏ.ਐਸ. ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ 14 ਤੋਂ 15 ਸਤੰਬਰ ਤੱਕ ਜ਼ਿਲ੍ਹਾ ਹੱਦਾਂ ਵਿੱਚ ਕਿਸੇ ਵੀ ਕਿਸਮ ਦੇ ਡਰੋਨ ਉਡਾਉਣ ’ਤੇ ਪੂਰੀ ਪਾਬੰਦੀ ਰਹੇਗੀ।
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਇਹ ਫੈਸਲਾ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਹੈ ਕਿਉਂਕਿ ਡਰੋਨ ਦੀ ਉਡਾਣ ਨਾਲ ਸੁਰੱਖਿਆ ਨੂੰ ਖ਼ਤਰਾ ਪੈ ਸਕਦਾ ਹੈ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਅਣਚਾਹੀਆਂ ਘਟਨਾਵਾਂ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸਹਿਮਤਾ ਐਕਟ 2023 ਤਹਿਤ ਜਾਰੀ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਸ ਪਾਬੰਦੀ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਰਾਹੀਂ ਐਲਾਨ ਕਰਵਾਏ ਜਾਣਗੇ ਅਤੇ ਹੁਕਮ ਦੀਆਂ ਕਾਪੀਆਂ ਵੱਖ-ਵੱਖ ਦਫ਼ਤਰਾਂ ਤੇ ਨੋਟਿਸ ਬੋਰਡਾਂ ਉੱਤੇ ਚਿਪਕਾਈਆਂ ਜਾਣਗੀਆਂ। ਨਾਲ ਹੀ ਸਥਾਨਕ ਅਖਬਾਰਾਂ ਅਤੇ ਟੀਵੀ ਚੈਨਲਾਂ ਰਾਹੀਂ ਵੀ ਇਸ ਬਾਰੇ ਸੁਚਨਾ ਦਿੱਤੀ ਜਾਵੇਗੀ।

ਇਸ ਤਰ੍ਹਾਂ ਪ੍ਰਸ਼ਾਸਨ ਨੇ ਰਾਹੁਲ ਗਾਂਧੀ ਦੇ ਦੌਰੇ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ ਅਤੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਹਿਯੋਗ ਕਰਨ।










