Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 17 ਸਤੰਬਰ
ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਭਰ ਦੇ ਸਰਗਰਮ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਭਾਰਤ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਹ ਮੰਗ ਪੱਤਰ ਪੰਜਾਬ ਦੇ ਹੜ੍ਹ ਪੀੜਤਾਂ ਦੀਆਂ ਫੌਰੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖ ਕੇ ਦਿੱਤਾ ਗਿਆ।

ਵਫ਼ਦ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਲੱਖਣ ਕਲਾਂ, ਸੁਖਦੇਵ ਸਿੰਘ ਭਾਗੋਕਾਵਾਂ, ਜਗਜੀਤ ਸਿੰਘ ਸੇਖਕਬੀਰ ਅਤੇ ਗੁਰਿੰਦਰ ਸਿੰਘ ਖੱਦਰ ਨੇ ਕੀਤੀ। ਉਹਨਾਂ ਦੱਸਿਆ ਕਿ ਮੰਗ ਪੱਤਰ ਰਾਹੀਂ ਪੰਜਾਬ ਵਿੱਚ ਆਏ ਹੜ੍ਹਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਕੀ ਡੈਮਾਂ ਤੋਂ ਪਾਣੀ ਛੱਡਣ ਵਿੱਚ ਕੋਈ ਪ੍ਰਸ਼ਾਸਨਿਕ ਕੁਤਾਹੀ ਹੋਈ ਸੀ ਜਾਂ ਨਹੀਂ। ਨਾਲ ਹੀ ਇਹ ਵੀ ਜਾਂਚਿਆ ਜਾਵੇ ਕਿ ਦਰਿਆਵਾਂ ਦੇ ਧੁਸੀਆਂ ਦੀ ਹੜ੍ਹਾਂ ਤੋਂ ਪਹਿਲਾਂ ਢੰਗ ਨਾਲ ਮੁਰੰਮਤ ਕੀਤੀ ਗਈ ਸੀ ਜਾਂ ਨਹੀਂ।

ਮੰਗ ਪੱਤਰ ਵਿੱਚ ਫਸਲਾਂ ਅਤੇ ਜਾਨਮਾਲ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਵਿੱਚ ਝੋਨੇ ਲਈ 70 ਹਜ਼ਾਰ ਰੁਪਏ ਪ੍ਰਤੀ ਏਕੜ, ਗੰਨੇ ਲਈ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਰੱਖੀ ਗਈ। ਗਰੀਬ ਪਰਿਵਾਰਾਂ ਦੇ ਡਿੱਗ ਚੁੱਕੇ ਮਕਾਨਾਂ ਲਈ 5 ਲੱਖ ਰੁਪਏ ਅਤੇ ਤਰੇੜਾਂ ਵਾਲੇ ਮਕਾਨਾਂ ਲਈ ਇੱਕ ਲੱਖ ਰੁਪਏ ਦੀ ਮਦਦ ਦਿੱਤੀ ਜਾਵੇ। ਇਸੇ ਤਰ੍ਹਾਂ, ਹੜ੍ਹ ਕਾਰਨ ਮਰੇ ਪਸ਼ੂਆਂ ਲਈ ਇੱਕ ਲੱਖ ਰੁਪਏ ਪ੍ਰਤੀ ਪਸ਼ੂ ਦਿੱਤੇ ਜਾਣ ਦੀ ਮੰਗ ਕੀਤੀ ਗਈ।

ਹੜ੍ਹਾਂ ਵਿੱਚ ਜਾਨ ਗੁਆ ਬੈਠੇ ਮਜ਼ਦੂਰਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ, ਕਲਾਨੌਰ ਪੰਚਾਇਤ ਦੀ 1100 ਏਕੜ ਜ਼ਮੀਨ ਸਮੇਤ ਸੂਬੇ ਦੀਆਂ ਪੰਚਾਇਤੀ ਜ਼ਮੀਨਾਂ ਦੇ ਕਰੀਬ 150 ਪਟੇਦਾਰਾਂ ਦੀ ਠੇਕਾ ਰਕਮ ਵਾਪਸ ਕਰਨ ਜਾਂ ਅਗਲੇ ਸਾਲ ਲਈ ਐਡਜਸਟ ਕਰਨ ਦੀ ਮੰਗ ਵੀ ਸ਼ਾਮਲ ਸੀ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ ਘੱਟੋ-ਘੱਟ 15 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਜਾਰੀ ਕੀਤਾ ਜਾਵੇ ਤਾਂ ਜੋ ਹੋਏ ਕਰੋੜਾਂ ਰੁਪਏ ਦੇ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਜਿੱਥੇ ਕਿਸਾਨਾਂ ਦੀ ਜ਼ਮੀਨ ਵਿੱਚ ਰੇਤ ਭਰ ਗਈ ਹੈ, ਉੱਥੇ ਰੇਤ ਦੀ ਪੱਕੀ ਮਾਲਕੀ ਉਸ ਕਿਸਾਨ ਨੂੰ ਹੀ ਦਿੱਤੀ ਜਾਵੇ।

ਵਫ਼ਦ ਵਿੱਚ ਕਾਮਰੇਡ ਗੁਰਮੀਤ ਸਿੰਘ ਬਖਤਪੁਰ, ਸੁੱਚਾ ਸਿੰਘ ਸੇਖਕਬੀਰ, ਜਰਨੈਲ ਸਿੰਘ ਸਪਰਾ ਕੋਠੀ, ਸਤਨਾਮ ਸਿੰਘ ਮੂਲਿਆਂਵਾਲ, ਬਲਵਿੰਦਰ ਸਿੰਘ, ਥੋੜਾ ਸਿੰਘ, ਦਿਲਬਾਗ ਸਿੰਘ ਅਤੇ ਬਲਬੀਰ ਸਿੰਘ ਉੱਚਾ ਧਕਾਲਾ ਆਦਿ ਕਿਸਾਨ ਆਗੂ ਵੀ ਸ਼ਾਮਲ ਸਨ।


Share & like

Leave a Reply