ਰੋਜ਼ਾਨਾ ਖ਼ਬਰ ਬਿਊਰੋ
ਚੰਡੀਗੜ੍ਹ, 19 ਸਤੰਬਰ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਆਉਣ ਵਾਲੀ ਜ਼ਿਮਨੀ ਚੋਣ ਲਈ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਪਾਰਟੀ ਵਲੋਂ ਇੰਚਾਰਜ ਨਿਯੁਕਤ ਕੀਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਵਲੋਂ ਇਸ ਤਾਇਨਾਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਪੰਜਾਬ ਕਾਂਗਰਸ ਇਸ ਵੇਲੇ ਅੰਦਰੂਨੀ ਖਿੱਚਾਤਾਣ ਦਾ ਸਾਹਮਣਾ ਕਰ ਰਹੀ ਹੈ। ਇਸ ਪਿਛੋਕੜ ਵਿੱਚ ਕਾਂਗਰਸ ਹਾਈਕਮਾਨ ਨੇ ਧੜਿਆਂ ਤੋਂ ਨਿਰਲੇਪ ਆਗੂ ਦੇ ਰੂਪ ਵਿੱਚ ਸੁੱਖ ਸਰਕਾਰੀਆ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਤਾਂ ਜੋ ਚੋਣ ਮੁਹਿੰਮ ਨੂੰ ਮਜ਼ਬੂਤੀ ਨਾਲ ਚਲਾਇਆ ਜਾ ਸਕੇ।
ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਇਸ ਸੰਬੰਧੀ ਅਧਿਕਾਰਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਿਯੁਕਤੀ ਤੋਂ ਪਹਿਲਾਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਸਲਾਹ-ਮਸ਼ਵਰਾ ਕੀਤਾ ਗਿਆ ਹੈ।

ਯਾਦ ਰਹੇ ਕਿ ਤਰਨ ਤਾਰਨ ਉਪ-ਚੋਣ ਦੀ ਸੰਭਾਵਨਾ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਬਣ ਰਹੀ ਹੈ, ਜਿਸ ਨੂੰ ਲੈ ਕੇ ਪਾਰਟੀ ਨੇ ਪੂਰੀ ਤਿਆਰੀ ਸ਼ੁਰੂ ਕਰ ਦਿੱਤੀ ਹੈ।










