Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ‘ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐੱਸ.ਐੱਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਫ਼ਿਲਹਾਲ ਦੋ ਜ਼ਿਲਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਗਿਆ ਹੈ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੇਸ ਦਾ ਪਹਿਲਾ ਸੂਬਾ ਬਣ ਗਿਆ ਹੈ ਜੋ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਆਮਦਨ ਸ਼ਰਤ ਦੇ 10 ਲੱਖ ਰੁਪਏ ਦਾ ਵਿਆਪਕ ਸਿਹਤ ਬੀਮਾ ਕਵਰ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਜ਼ਿਲਿਆਂ ਦੇ ਤਜਰਬੇ ਦੇ ਆਧਾਰ ‘ਤੇ, ਰਜਿਸਟ੍ਰੇਸ਼ਨ ਮੁਹਿੰਮ ਨੂੰ ਤੇਜ਼ੀ ਨਾਲ ਸਮੁੱਚੇ ਸੂਬੇ ਵਿੱਚ ਲਾਗੂ ਕੀਤਾ ਜਾਵੇਗਾ।

ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਦੱਸਿਆ ਕਿ ਇਹ ਯੋਜਨਾ ਸਿਹਤ ਸੰਭਾਲ ਲਈ ਆਮ ਲੋਕਾਂ ‘ਤੇ ਪੈਣ ਵਾਲੇ ਇਲਾਜ ਸੇਵਾਵਾਂ ਦੇ ਬੋਝ ਨੂੰ ਘਟਾਉਣ ਲਈ ਤਿਆਰ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ।

ਸ. ਰੰਧਾਵਾ ਨੇ ਸਪਸ਼ਟ ਕੀਤਾ ਕਿ ਯੋਗਤਾ ਮਾਪਦੰਡ ਸਰਲ ਅਤੇ ਨਿਰਪੱਖ ਹਨ। ਰਜਿਸਟ੍ਰੇਸ਼ਨ ਕਰਵਾਉਣ ਲਈ ਸਿਰਫ਼ ਵੋਟਰ ਆਈ.ਡੀ. ਕਾਰਡ ਅਤੇ ਆਧਾਰ ਕਾਰਡ ਲੋੜੀਂਦਾ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਲਈ ਆਮਦਨ ਦੀ ਵੀ ਕੋਈ ਸ਼ਰਤ ਨਹੀਂ ਹੋਵੇਗੀ।

ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਡਾਕਟਰੀ ਇਲਾਜਾਂ ਦੀ ਵਿਸ਼ਾਲ ਸੂਚੀ ਸ਼ਾਮਲ ਹੈ, ਜਿਸ ਤਹਿਤ 2300 ਤੋਂ ਵੱਧ ਸਿਹਤ ਪੈਕੇਜਾਂ ਵਿਚ ਹਰ ਤਰਾਂ ਦੀਆਂ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਦੇ ਨਾਲ-ਨਾਲ ਦੁਰਘਟਨਾਤਮਕ ਸਰਜਰੀਆਂ ਨੂੰ ਵੀ ਕਵਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪੰਜਾਬ ਦੇ ਲੋਕਾਂ ਲਈ ਹਰ ਡਾਕਟਰੀ ਸਹੂਲਤ ਨੂੰ ਇਸ ਵਿਆਪਕ ਸਿਹਤ ਬੀਮਾ ਹੇਠ ਕਵਰ ਕੀਤਾ ਜਾਵੇ।


Share & like

Leave a Reply