Share & like

ਚਾਰ ਕਿਲੋ ਹੈਰੋਇਨ, ਦੋ ਪਿਸਤੌਲ ਸਣੇ ਛੇ ਗ੍ਰਿਫ਼ਤਾਰ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਅੰਮ੍ਰਿਤਸਰ, 25 ਸਤੰਬਰ
ਪੰਜਾਬ ਪੁਲੀਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਵੱਡੀ ਤਸਕਰੀ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਤੋਂ 4.03 ਕਿਲੋ ਹੈਰੋਇਨ ਅਤੇ ਦੋ ਪਿਸਤੌਲ (ਇੱਕ ਗਲੌਕ 9 ਐੱਮਐੱਮ ਅਤੇ ਇੱਕ ਪਿਸਤੌਲ .30 ਬੋਰ) ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਹੈਂਡਲ ਰਾਹੀਂ ਜਾਣਕਾਰੀ ਦਿੱਤੀ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇਹ ਵੱਡੀ ਕਾਰਵਾਈ ਕੀਤੀ।
ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਆਧਾਰਿਤ ਹੈਂਡਲਰ ‘ਸ਼ਾਹ’ ਦੇ ਸੰਪਰਕ ’ਚ ਸਨ। ਇਹ ਲੋਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਉਸ ਨਾਲ ਸੰਪਰਕ ਕਰਦੇ ਸਨ ਅਤੇ ਉਸੇ ਦੀਆਂ ਹਦਾਇਤਾਂ ਅਨੁਸਾਰ ਹੈਰੋਇਨ ਤੇ ਹਥਿਆਰਾਂ ਦੀ ਖੇਪ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰ ਰਾਹੀਂ ਪ੍ਰਾਪਤ ਕਰ ਰਹੇ ਸਨ।
ਜਾਂਚ ਅਨੁਸਾਰ, ਇਹ ਖੇਪ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨਾਂ ਰਾਹੀਂ ਭੇਜੀ ਜਾ ਰਹੀ ਸੀ, ਜਿਸਨੂੰ ਅੰਮ੍ਰਿਤਸਰ ਖੇਤਰ ਵਿੱਚ ਉਤਾਰ ਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ। ਪੁਲੀਸ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਗੇਟ ਇਸਲਾਮਾਬਾਦ ਪੁਲੀਸ ਸਟੇਸ਼ਨ, ਅੰਮ੍ਰਿਤਸਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ।


Share & like

Leave a Reply