Share & like

ਸਾਹਾਂ ਦੀ ਸੁਰੱਖਿਆ ਲਈ ਸਕੂਲ ’ਚ ਗੂੰਜੀ ਪਰਾਲੀ ਨਾ ਸਾੜੋ ਦੀ ਅਵਾਜ਼”

ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 27 ਸਤੰਬਰ
ਪਰਾਲੀ ਸਾੜਨ ਕਾਰਨ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਰਾੜਾ, ਬਲਾਕ ਦੋਰਾਂਗਲਾ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਬੱਚਿਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦਿਨੋਂ ਦਿਨ ਖਤਰਨਾਕ ਪੱਧਰ ’ਤੇ ਪਹੁੰਚ ਰਿਹਾ ਹੈ, ਜਿਸ ਦੇ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਫੈਕਟਰੀਆਂ, ਗੱਡੀਆਂ ਤੇ ਬੱਸਾਂ ਤੋਂ ਨਿਕਲਣ ਵਾਲਾ ਧੂੰਆ ਅਤੇ ਖਾਸ ਕਰਕੇ ਪਰਾਲੀ ਸਾੜਨ ਨਾਲ ਪੈਦਾ ਹੋਇਆ ਧੂੰਆ ਸਾਹ ਦੇ ਰੋਗਾਂ, ਦਿਲ ਦੀਆਂ ਬਿਮਾਰੀਆਂ ਤੇ ਮਾਨਸਿਕ ਤਣਾਅ ਵਿੱਚ ਵਾਧੇ ਦਾ ਵੱਡਾ ਕਾਰਨ ਹੈ।

ਜ਼ਿਲ੍ਹਾ ਖੇਤੀ ਅਫ਼ਸਰ ਡਾ. ਅਮਰੀਕ ਸਿੰਘ ਨੇ ਵੀ ਬੱਚਿਆਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਵਿਕਲਪਿਕ ਹੱਲਾਂ ਉੱਤੇ ਚਰਚਾ ਕੀਤੀ। ਇਸ ਮੌਕੇ ਸਕੂਲ ਵਿੱਚ ਪਰਾਲੀ ਨਾ ਸਾੜਨ ਸਬੰਧੀ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਪਰਾਲੀ ਨਾ ਸਾੜਨ ਦਾ ਅਹਿਦ ਵੀ ਲਿਆ।

ਰੈਡ ਕ੍ਰਾਸ ਸੋਸਾਇਟੀ ਵੱਲੋਂ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਸਮਾਨ ਅਤੇ ਇਨਾਮ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰੈਡ ਕ੍ਰਾਸ ਸੋਸਾਇਟੀ ਵੱਲੋਂ ਰਜੀਵ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ ਨਰੇਸ਼ ਕੁਮਾਰ ਪਨਿਆੜ, ਸੈਂਟਰ ਹੈਡ ਟੀਚਰ ਮਦਨ ਗੋਪਾਲ, ਪ੍ਰਿੰਸੀਪਲ ਰਮਨ ਕੁਮਾਰ, ਸਰਪੰਚ ਨਰਾਇਣ ਸੈਣੀ ਅਤੇ ਸਾਬਕਾ ਸਰਪੰਚ ਯੋਧ ਰਾਜ ਸੈਣੀ ਆਦਿ ਹਾਜ਼ਰ ਸਨ।


Share & like

Leave a Reply