ਰੋਜ਼ਾਨਾ ਖ਼ਬਰ ਬਿਊਰੋ
ਮੁਹਾਲੀ, 27 ਸਤੰਬਰ
ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਸਫ਼ਰ ਕਰ ਰਹੇ ਸਨ। ਹਾਦਸੇ ਦੌਰਾਨ ਉਨ੍ਹਾਂ ਨੂੰ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਆਈਆਂ।
ਰਾਜਵੀਰ ਜਵੰਦਾ ਨੂੰ ਸਭ ਤੋਂ ਪਹਿਲਾਂ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ। ਉਸ ਤੋਂ ਬਾਅਦ ਉਨ੍ਹਾਂ ਨੂੰ ਦੁਪਹਿਰ ਲਗਭਗ 1:45 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਦੀ ਐਮਰਜੈਂਸੀ ਵਿੱਚ ਗੰਭੀਰ ਹਾਲਤ ਵਿੱਚ ਲਿਆਂਦਾ ਗਿਆ। ਇੱਥੇ ਨਿਊਰੋਸਰਜਰੀ ਵਿਭਾਗ ਦੀ ਟੀਮ ਨੇ ਤੁਰੰਤ ਇਲਾਜ ਸ਼ੁਰੂ ਕੀਤਾ ਅਤੇ ਉਨ੍ਹਾਂ ਨੂੰ ਐਡਵਾਂਸਡ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ। ਇਸ ਵੇਲੇ ਉਹ ਵੈਂਟੀਲੇਟਰ ਸਪੋਰਟ ‘ਤੇ ਹਨ ਅਤੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।
ਪੁਲੀਸ ਅਧਿਕਾਰੀ ਤੋਂ ਅਦਾਕਾਰ ਅਤੇ ਗਾਇਕ ਬਣੇ ਜਵੰਦਾ ਦੇ ਹਾਦਸੇ ਦੀ ਖ਼ਬਰ ਸੁਣਦੇ ਹੀ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਕਲਾਕਾਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਦਾ ਰੁਖ ਵੱਧ ਗਿਆ। ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਹੋਰ ਕਲਾਕਾਰ ਤੁਰੰਤ ਹਸਪਤਾਲ ਪਹੁੰਚੇ।

ਇਸ ਘਟਨਾ ਤੋਂ ਬਾਅਦ ਸੰਗੀਤ ਜਗਤ ਦੇ ਕਲਾਕਾਰਾਂ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਸ਼ਖ਼ਸੀਅਤਾਂ ਵੱਲੋਂ ਵੀ ਰਾਜਵੀਰ ਜਵੰਦਾ ਦੀ ਜਲਦੀ ਤੰਦਰੁਸਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।










