Share & like

ਪਰਾਲੀ ਵਿੱਚ ਮੌਜੂਦ ਪੋਸ਼ਕ ਤੱਤਾਂ ਦੇ ਨੁਕਸਾਨ ਬਾਰੇ ਦਿੱਤੀ ਜਾਣਕਾਰੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਕਾਹਨੂੰਵਾਨ/ਗੁਰਦਾਸਪੁਰ, 29 ਸਤੰਬਰ
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਬਲਾਕ ਕਾਹਨੂੰਵਾਨ ਦੇ ਪਿੰਡ ਬੁੱਟਰ ਕਲਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਭਵਜੀਤ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਅਮਨਦੀਪ ਕੌਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ।


ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਭਵਜੀਤ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੇ ਪੌਸ਼ਟਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪ੍ਰਤੀ ਟਨ ਪਰਾਲੀ ਵਿੱਚ 4–5.5 ਕਿਲੋ ਨਾਈਟ੍ਰੋਜਨ, 2–2.5 ਕਿਲੋ ਫਾਸਫੋਰਸ, 15–25 ਕਿਲੋ ਪੋਟਾਸ਼, 1.25 ਕਿਲੋ ਸਲਫਰ ਅਤੇ ਲਗਭਗ 400 ਕਿਲੋ ਜੈਵਿਕ ਕਾਰਬਨ ਮੌਜੂਦ ਹੁੰਦਾ ਹੈ। ਜੇਕਰ ਇਸ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹਿਆ ਜਾਵੇ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।
ਖੇਤੀਬਾੜੀ ਵਿਸਥਾਰ ਅਫ਼ਸਰ ਅਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੀ.ਆਰ.ਐਮ. ਸਕੀਮ ਦੇ ਤਹਿਤ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਰੀ ਉਪਲੱਬਧ ਕਰਵਾਈ ਜਾ ਰਹੀ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦੀ ਸੰਭਾਲ ਕਰਨ ਅਤੇ ਇਸਨੂੰ ਸਾੜਨ ਤੋਂ ਬੱਚਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਰਾਲੀ ਪ੍ਰਬੰਧਨ ਸਬੰਧੀ ਹੋਰ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।


Share & like

Leave a Reply