ਪਿੰਡ ਮਨੋਹਰਪੁਰਾ ਵਿੱਚ ਜਾਗਰੂਕਤਾ ਕੈਂਪ, ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਕੀਤਾ ਅਹਿਦ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 30 ਸਤੰਬਰ
ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਖੁਦ ਮੋਰਚਾ ਸੰਭਾਲਿਆ ਗਿਆ ਹੈ।
ਡਾ. ਬੇਦੀ ਰੋਜ਼ਾਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਿੰਡਾਂ ਵਿੱਚ ਜਾ ਕੇ ਜਾਗਰੂਕਤਾ ਕੈਂਪ ਲਗਾ ਰਹੇ ਹਨ। ਇਸ ਲੜੀ ਤਹਿਤ ਅੱਜ ਪਿੰਡ ਮਨੋਹਰਪੁਰਾ (ਬਲਾਕ ਕਾਦੀਆਂ) ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਨਾ ਤਾਂ ਸਹੀ ਹੈ ਅਤੇ ਨਾ ਹੀ ਲਾਭਕਾਰੀ। ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਹਿਰੀਲਾ ਧੂੰਆਂ ਲੋਕਾਂ ਦੀ ਸਿਹਤ ਲਈ ਵੀ ਖਤਰਾ ਬਣਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਨਵੀ ਅਤੇ ਵਾਤਾਵਰਨਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀ ਮਸ਼ੀਨਰੀ ਉਪਲਬਧ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਸੰਦਾਂ ਦੀ ਮੈਪਿੰਗ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਪਰਾਲੀ ਪ੍ਰੋਟੈਕਸ਼ਨ ਫੋਰਸ ਦਾ ਗਠਨ ਵੀ ਕੀਤਾ ਗਿਆ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਸਮੇਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਹਾਜ਼ਰ ਕਿਸਾਨਾਂ ਨੇ ਅਧਿਕਾਰੀਆਂ ਨੂੰ ਯਕੀਨ ਦਵਾਇਆ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ।










