ਮੋਬਾਈਲ ਵੈਨ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਦਿਖਾਈ ਹਰੀ ਝੰਡੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 30 ਸਤੰਬਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਵੱਲੋਂ ਹੜ੍ਹ ਪੀੜਤਾਂ ਦਾ ਘਰ-ਘਰ ਜਾ ਕੇ ਸਰਵੇਖਣ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਜਾਗਰੂਕਤਾ ਸਬੰਧੀ ਭੇਜੀ ਗਈ ਮੋਬਾਈਲ ਵੈਨ ਨੂੰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਸੀ.ਜੇ.ਐੱਮ-ਸਹਿਤ-ਸਕੱਤਰ, ਸ੍ਰੀ ਹਰਪ੍ਰੀਤ ਸਿੰਘ, ਜ਼ਿਲ੍ਹਾ ਕਚਹਿਰੀ ਦੇ ਸਮੂਹ ਜੁਡੀਸ਼ੀਅਲ ਅਧਿਕਾਰੀ, ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।
ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਮੋਬਾਈਲ ਵੈਨ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾਵੇਗੀ। ਵੱਖ-ਵੱਖ ਟੀਮਾਂ ਘਰ-ਘਰ ਜਾ ਕੇ ਹੜ੍ਹ ਪੀੜਤਾਂ ਦੇ ਨੁਕਸਾਨ ਦਾ ਵੇਰਵਾ ਤਿਆਰ ਕਰਨਗੀਆਂ, ਜਿਸਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਬੰਧਿਤ ਦਫ਼ਤਰਾਂ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਮੁਆਵਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਟੀਮਾਂ ਵੱਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ।










