ਡੀ.ਈ.ਓ. ਸੈਕੰਡਰੀ ਪਰਮਜੀਤ ਵੱਲੋਂ ਖਿਡਾਰੀਆਂ ਦੀ ਹੌਸਲਾ ਅਫ਼ਜਾਈ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 2 ਅਕਤੂਬਰ
ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਪੋਰਟਸ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੱਜ ਸੈਕੰਡਰੀ ਸਕੂਲਾਂ ਦੀ ਸਲਾਨਾ ਅਥਲੈਟਿਕਸ ਮੀਟ ਦੀ ਸ਼ੁਰੂਆਤ ਹੋਈ। ਇਹ ਮੀਟ ਖਿਡਾਰੀਆਂ ਦੀ ਪ੍ਰਤੀਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਅਗਲੇ ਪੱਧਰ ਤੇ ਤਿਆਰ ਕਰਨ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀਮਤੀ ਪਰਮਜੀਤ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਉਨ੍ਹਾਂ ਨੇ ਖੇਡਾਂ ਦੀ ਮਹੱਤਤਾ ਬਿਆਨ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਸਗੋਂ ਮਨੁੱਖ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੀਟ ਵਿੱਚ ਬਲਾਕ ਅਤੇ ਤਹਿਸੀਲ ਪੱਧਰ ‘ਤੇ ਜੇਤੂ ਖਿਡਾਰੀ ਹਿੱਸਾ ਲੈ ਰਹੇ ਹਨ ਜਦਕਿ ਜ਼ਿਲ੍ਹਾ ਪੱਧਰ ‘ਤੇ ਜੇਤੂ ਖਿਡਾਰੀ ਸਟੇਟ ਪੱਧਰ ਦੇ ਮੁਕਾਬਲਿਆਂ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਪ੍ਰਾਪਤ ਕਰਨਗੇ।

ਡੀ.ਈ.ਓ. ਪਰਮਜੀਤ ਨੇ ਖਿਡਾਰੀਆਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਰਗਰਮ ਹੋਣਾ ਚਾਹੀਦਾ ਹੈ। ਇਸ ਨਾਲ ਉਹਨਾਂ ਦੀਆਂ ਲੁਕੀਆਂ ਪ੍ਰਤੀਭਾਵਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲ ਸਕਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਸਪੋਰਟਸ ਕੋਆਰਡੀਨੇਟਰ ਮੈਡਮ ਅਨੀਤਾ, ਹੈੱਡਮਾਸਟਰ ਇਕਬਾਲ ਸਿੰਘ ਸਮਰਾ, ਲੈਕਚਰਾਰ ਰਣਜੀਤ ਭਗਤ, ਸੁਪਰਡੈਂਟ ਪ੍ਰਬੋਧ ਕੁਮਾਰ ਸਮੇਤ ਕਈ ਖੇਡ ਅਧਿਕਾਰੀ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ। ਸਟੇਡੀਅਮ ਵਿੱਚ ਖਿਡਾਰੀਆਂ ਵੱਲੋਂ ਕੀਤੀਆਂ ਵੱਖ-ਵੱਖ ਦੌੜਾਂ ਅਤੇ ਖੇਡਾਂ ਦੇ ਮੁਕਾਬਲੇ ਸ਼ੁਰੂ ਹੋਣ ਨਾਲ ਖੇਡ ਮਾਹੌਲ ਬੜਾ ਰੌਣਕਮਈ ਬਣਿਆ ਰਿਹਾ।










