ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕੀਤੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 3 ਸਤੰਬਰ
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬੇ ਵਿੱਚ ਝੋਨੇ ਦੀ ਖ਼ਰੀਦ, ਨਾਲੋ-ਨਾਲ ਲਿਫ਼ਟਿੰਗ ਅਤੇ 24 ਘੰਟੇ ਵਿੱਚ ਅਦਾਇਗੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਰਾਜ ਭਰ ਦੀਆਂ ਮੰਡੀਆਂ ਵਿੱਚ 4.21 ਲੱਖ ਮੀਟਰਿਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ 4 ਲੱਖ ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ 721 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕੇਂਦਰੀ ਪੂਲ ਤੋਂ ਪੰਜਾਬ ਲਈ 172 ਲੱਖ ਮੀਟਰਿਕ ਟਨ ਝੋਨੇ ਦਾ ਟਾਰਗੇਟ ਦਿੱਤਾ ਗਿਆ ਹੈ।
ਮੰਤਰੀ ਨੇ ਸੂਬੇ ਦੀਆਂ ਮੰਡੀਆਂ ਵਿੱਚ ਸਫ਼ਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪ੍ਰਬੰਧ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਲਈ ਕੰਮਕਾਜ ਸੁਚਾਰੂ ਬਣਾਉਣ ਲਈ ਕੀਤੇ ਗਏ ਹਨ।
ਗੁਰਦਾਸਪੁਰ ਵਿੱਚ 92 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਸਰਕਾਰ ਦੁਆਰਾ ਕਿਸਾਨਾਂ ਦੀ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ। ਮੰਤਰੀ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।










