Share & like

ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਲਈ ਫੀਸ ਮੁਆਫ਼ੀ ਤੇ ਸਹਾਇਤਾ ਦੀ ਮੰਗ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 4 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਦੇ ਰਾਜ ਪੱਧਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਸੁਪਰਡੈਂਟ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਹੜ੍ਹਾਂ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਗਈ।

ਮੰਗ ਪੱਤਰ ਵਿੱਚ ਤਰਕਸ਼ੀਲ ਸੁਸਾਇਟੀ ਨੇ ਮੰਗ ਕੀਤੀ ਕਿ ਹੜ੍ਹ ਪੀੜਤ ਇਲਾਕਿਆਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਫੀਸਾਂ, ਸਾਲ 2025-26 ਦੀ ਪੂਰੀ ਸੈਸ਼ਨਲ ਫੀਸ ਅਤੇ ਸਕੂਲੀ ਫੰਡ ਮੁਆਫ਼ ਕੀਤੇ ਜਾਣ। ਇਸ ਤੋਂ ਇਲਾਵਾ, ਹੜ੍ਹਾਂ ਕਾਰਨ ਨੁਕਸਾਨੀ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ ਅਤੇ ਸਟੇਸ਼ਨਰੀ ਸਮੱਗਰੀ ਵੀ ਪ੍ਰਦਾਨ ਕੀਤੀ ਜਾਵੇ।
ਇਸ ਵਫ਼ਦ ਦੀ ਅਗਵਾਈ ਤਰਕਸ਼ੀਲ ਆਗੂ ਸੰਦੀਪ ਧਾਰੀਵਾਲ ਭੋਜਾ ਨੇ ਕੀਤੀ। ਉਨ੍ਹਾਂ ਦੇ ਨਾਲ ਤਰਲੋਚਨ ਸਿੰਘ, ਅਜੇ ਪਾਲ, ਪ੍ਰੇਮ ਥਾਪਾ, ਸਰਪੰਚ ਨੰਦ ਲਾਲ, ਐਸ.ਡੀ.ਓ. ਕਸਤੂਰੀ ਲਾਲ, ਦਿਵਾਨ ਸਿੰਘ, ਸਤਨਾਮ ਸਿੰਘ, ਲਖਬੀਰ ਸਿੰਘ, ਜਸਵਿੰਦਰ ਸਿੰਘ, ਸੁੱਚਾ ਸਿੰਘ, ਨਗਿੰਦਰ ਸਿੰਘ ਅਤੇ ਸਿਕੰਦਰ ਸਿੰਘ ਵੀ ਸ਼ਾਮਲ ਸਨ।
ਵਫ਼ਦ ਨੇ ਇਹ ਵੀ ਮੰਗ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਪੱਕੇ ਇੰਤਜ਼ਾਮ ਕੀਤੇ ਜਾਣ, ਉਨ੍ਹਾਂ ਨੂੰ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਬੇਜ਼ਮੀਨੇ ਮਜ਼ਦੂਰਾਂ ਦੀ ਸਹਾਇਤਾ ਲਈ ਖ਼ਾਸ ਪੈਕੇਜ ਜਾਰੀ ਕੀਤਾ ਜਾਵੇ।

ਸਬੰਧਤ ਅਧਿਕਾਰੀਆਂ ਨੇ ਵਫ਼ਦ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਹੜ੍ਹ ਪੀੜਤਾਂ ਦੀ ਮਦਦ ਲਈ ਪੂਰਾ ਯਤਨ ਕੀਤਾ ਜਾਵੇਗਾ। ਉਨ੍ਹਾਂ ਨੇ ਤਰਕਸ਼ੀਲ ਸੁਸਾਇਟੀ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਵੀ ਕੀਤੀ।


Share & like

Leave a Reply