ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 4 ਅਕਤੂਬਰ
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ, ਜਿਨ੍ਹਾਂ ਉੱਤੇ “ਪਰਾਲੀ ਨੂੰ ਅੱਗ ਨਾ ਲਗਾਓ” ਦਾ ਸੁਨੇਹਾ ਲੋਗੋ ਰੂਪ ਵਿੱਚ ਛਪਿਆ ਗਿਆ ਹੈ। ਇਹ ਟੀ-ਸ਼ਰਟਾਂ ਸੀ.ਆਰ.ਐਮ. ਸਕੀਮ ਤਹਿਤ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਜਿਹੜੇ ਕਿਸਾਨ ਪਹਿਲਾਂ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਅਤੇ ਇਸ ਵਾਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਵਚਨ ਕਰ ਰਹੇ ਹਨ, ਉਹ ਇਸ ਜਾਗਰੂਕਤਾ ਮੁਹਿੰਮ ਦੇ “ਬਰੈਂਡ ਅੰਬੈਸਡਰ” ਬਣਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਿਹਾ ਹੈ, ਪਰ ਜਦੋਂ ਅਗਾਂਹਵਧੂ ਕਿਸਾਨ ਆਪਣੇ ਸਾਥੀ ਕਿਸਾਨਾਂ ਨੂੰ ਸਮਝਾਉਣਗੇ, ਤਾਂ ਇਹ ਮੁਹਿੰਮ ਹੋਰ ਪ੍ਰਭਾਵਸ਼ਾਲੀ ਸਿੱਟੇ ਦੇਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ਉੱਤੇ ਆਧੁਨਿਕ ਖੇਤੀ ਸੰਦ ਉਪਲਬਧ ਕਰਵਾਏ ਜਾ ਰਹੇ ਹਨ। ਖੇਤੀਬਾੜੀ ਵਿਭਾਗ ਨੇ ਹਰ ਪਿੰਡ ਵਿੱਚ ਉਪਲਬਧ ਸੰਦਾਂ ਦੀ ਮੈਪਿੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਸਹੂਲਤ ਮਿਲ ਸਕੇ। ਜਿਹੜੇ ਕਿਸਾਨਾਂ ਕੋਲ ਖੁਦ ਦੇ ਸੰਦ ਨਹੀਂ ਹਨ, ਉਹ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਉਹਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ, ਜਦਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਰਵਾਈ ਹੋਵੇਗੀ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਸਾਰੇ ਕਿਸਾਨ ਇਸ ਸਮਾਜਿਕ ਤੇ ਵਾਤਾਵਰਣਕ ਜ਼ਿੰਮੇਵਾਰੀ ਵਿੱਚ ਆਪਣਾ ਯੋਗਦਾਨ ਪਾਉਣ।
ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਰਾਲੀ ਸਾੜਨਾ ਨਾ ਸਿਰਫ਼ ਵਾਤਾਵਰਨ ਲਈ ਘਾਤਕ ਹੈ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਮਿਲਾ ਦੇਣ, ਤਾਂ ਇਸ ਨਾਲ ਮਿੱਟੀ ਦੀ ਗੁਣਵੱਤਾ ਵਧਦੀ ਹੈ ਅਤੇ ਝਾੜ ਵੱਧ ਨਿਕਲਦਾ ਹੈ। ਡਾ. ਬੇਦੀ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਇਸ ਵਾਰ ਕਿਸਾਨਾਂ ਵੱਲੋਂ ਚੰਗੀ ਪ੍ਰਤੀਕਿਰਿਆ ਮਿਲ ਰਹੀ ਹੈ।

ਇਸ ਸਮਾਗਮ ਦੌਰਾਨ ਹਾਜ਼ਰ ਅਗਾਂਹਵਧੂ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵੀ ਪ੍ਰਸ਼ਾਸਨ ਨਾਲ ਮਿਲ ਕੇ ਪਿੰਡ ਪੱਧਰ ‘ਤੇ ਜਾਗਰੂਕਤਾ ਫੈਲਾਉਣਗੇ ਅਤੇ ਹੋਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਗੇ।










