ਮੁੱਖ ਮੰਤਰੀ ਮਾਨ ਦਾ ਅਧਿਆਪਕਾਂ ਨੂੰ ਸੱਦਾ, “ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਵਿਰਾਸਤ ਨਾਲ ਜਾਣੂੰ ਕਰੋ”
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ
ਵਿਸ਼ਵ ਅਧਿਆਪਕ ਦਿਵਸ ਦੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਅਧਿਆਪਕ ਸਨਮਾਨ ਸਮਾਰੋਹ’ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਵਿਲੱਖਣ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਗੌਰਵਮਈ ਸੱਭਿਆਚਾਰਕ ਵਿਰਾਸਤ ਨਾਲ ਜਾਣੂੰ ਕਰਵਾਉਣ ਵਿੱਚ ਅਗਵਾਈ ਕਰਨ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਪੇਸ਼ੇ ਦਾ ਹਿੱਸਾ ਨਹੀਂ, ਸਗੋਂ ਇੱਕ ਮਿਸ਼ਨ ਦਾ ਹਿੱਸਾ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖੁਦ ਇੱਕ ਅਧਿਆਪਕ ਦੇ ਪੁੱਤਰ ਹਨ ਅਤੇ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਕ ਅਧਿਆਪਕ ਵਿਦਿਆਰਥੀਆਂ ਦੇ ਭਵਿੱਖ ਲਈ ਕਿੰਨੀ ਮਿਹਨਤ ਕਰਦਾ ਹੈ।
ਉਨ੍ਹਾਂ ਨੇ ਜ਼ੋਰ ਦਿੱਤਾ ਕਿ “ਗੁਰੂ” ਸ਼ਬਦ ਦੇ ਅਸਲ ਅਰਥ ਹਨ “ਹਨੇਰੇ ਨੂੰ ਦੂਰ ਕਰਨ ਵਾਲਾ” ਅਤੇ ਅਧਿਆਪਕ ਉਹੀ ਕਰਦਾ ਹੈ — ਗਿਆਨ ਦੀ ਰੌਸ਼ਨੀ ਨਾਲ ਮਨਾਂ ਨੂੰ ਪ੍ਰਕਾਸ਼ਿਤ ਕਰਨਾ।
ਸਮਾਰੋਹ ਦੌਰਾਨ 71 ਅਧਿਆਪਕਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਚਮਕਾਉਣ ਵਿੱਚ ਅਗਵਾਈ ਕਰ ਰਹੇ ਹਨ ਅਤੇ ਅਸੀਂ ਉਨ੍ਹਾਂ ਦਾ ਸਨਮਾਨ ਕਰਕੇ ਰਾਸ਼ਟਰ ਨਿਰਮਾਤਾ ਵਜੋਂ ਉਨ੍ਹਾਂ ਦੀ ਭੂਮਿਕਾ ਨੂੰ ਸਵੀਕਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਵਰਗੀ ਭਿਆਨਕ ਕੁਦਰਤੀ ਆਫ਼ਤ ਦੌਰਾਨ ਅਧਿਆਪਕਾਂ ਨੇ ਬੇਮਿਸਾਲ ਹਿੰਮਤ ਅਤੇ ਸੇਵਾ ਭਾਵਨਾ ਦਾ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ “ਇਹ ਜਿਹੀਆਂ ਉਦਾਹਰਨਾਂ ਵਿਸ਼ਵ ਇਤਿਹਾਸ ਵਿੱਚ ਵੀ ਬਹੁਤ ਘੱਟ ਮਿਲਦੀਆਂ ਹਨ।

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੇ ਅਧਿਆਪਕ ਹੁਣ ਵਿਸ਼ਵ ਪੱਧਰੀ ਸਿਖਲਾਈ ਪ੍ਰਾਪਤ ਕਰ ਰਹੇ ਹਨ। 234 ਪ੍ਰਿੰਸੀਪਲਾਂ ਤੇ ਸਿੱਖਿਆ ਅਧਿਕਾਰੀਆਂ ਨੇ ਸਿੰਗਾਪੁਰ ਵਿੱਚ ਟ੍ਰੇਨਿੰਗ ਲਈ ਹੈ।
152 ਮੁੱਖ ਅਧਿਆਪਕਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿੱਚ ਐਡਵਾਂਸਡ ਕੋਚਿੰਗ ਲਈ ਹੈ।
144 ਪ੍ਰਾਇਮਰੀ ਅਧਿਆਪਕਾਂ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿੱਚ ਵਿਸ਼ੇਸ਼ ਸਿਖਲਾਈ ਲਈ ਹੈ। ਉਨ੍ਹਾਂ ਕਿਹਾ ਕਿ ਅਗਲਾ ਬੈਚ ਨਵੰਬਰ ਵਿੱਚ ਫਿਨਲੈਂਡ ਜਾਵੇਗਾ, ਜਿਸ ਨਾਲ ਸਿੱਖਿਆ ਦੇ ਗੁਣਵੱਤਾ ਮਾਪਦੰਡ ਹੋਰ ਉੱਚੇ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਮੂਲ ਕੰਮ ‘ਤੇ ਧਿਆਨ ਕੇਂਦਰਿਤ ਕਰਨ ਲਈ 1920 ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ ਹਨ। ਸਾਲ 2022 ਵਿੱਚ “ਸਿੱਖਿਆ ਕ੍ਰਾਂਤੀ” ਦੀ ਸ਼ੁਰੂਆਤ ਕਰਕੇ ਸਰਕਾਰ ਨੇ ਬੱਚਿਆਂ ਦੇ ਸੁਪਨੇ ਸਾਕਾਰ ਕਰਨ ਲਈ ਨਵੀਂ ਰਾਹਦਾਰੀ ਤੈਅ ਕੀਤੀ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਰਾਜ ਵਿੱਚ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ‘ਤੇ 231.74 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਇਹ ਸਕੂਲ ਗ਼ਰੀਬ ਬੱਚਿਆਂ ਲਈ ਸੁਨਹਿਰੇ ਭਵਿੱਖ ਦੀ ਸ਼ੁਰੂਆਤ ਸਾਬਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਜੋ ਇਨ੍ਹਾਂ ਦੀ ਸਫਲਤਾ ਦਾ ਪ੍ਰਮਾਣ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਕੁੜੀਆਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।
ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼, ਨੀਟ, ਜੇ.ਈ.ਈ., ਸੀ.ਐਲ.ਏ.ਟੀ., ਐਨ.ਆਈ.ਐਫ.ਟੀ. ਆਦਿ ਪ੍ਰੀਖਿਆਵਾਂ ਲਈ ਕੋਚਿੰਗ ਦਿੱਤੀ ਜਾ ਰਹੀ ਹੈ।
265 ਵਿਦਿਆਰਥੀਆਂ ਨੇ JEE Main ਪਾਸ ਕੀਤਾ
44 ਵਿਦਿਆਰਥੀਆਂ ਨੇ JEE Advanced ਪਾਸ ਕੀਤਾ
848 ਵਿਦਿਆਰਥੀਆਂ ਨੇ NEET ਲਈ ਯੋਗਤਾ ਪ੍ਰਾਪਤ ਕੀਤੀ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਸਿਵਲ ਅਧਿਕਾਰੀ ਸਕੂਲੀ ਬੱਚਿਆਂ ਨੂੰ ਸਲਾਹ ਤੇ ਪ੍ਰੇਰਨਾ ਦੇ ਰਹੇ ਹਨ।ਇਸ ਤੋਂ ਇਲਾਵਾ, ਮਾਪੇ-ਅਧਿਆਪਕ ਮੀਟਿੰਗਾਂ ਨੂੰ ਵੀ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਹੁਣ ਤੱਕ 25 ਲੱਖ ਮਾਪੇ ਹਿੱਸਾ ਲੈ ਚੁੱਕੇ ਹਨ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ।










