ਹਲਕਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਨੂੰ ਤੇਜ਼ੀ ਨਾਲ ਅਗਾਂਹ ਵਧਾਇਆ ਜਾਵੇਗਾ: ਬਹਿਲ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 6 ਅਕਤੂਬਰ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ਼੍ਰੀ ਰਮਨ ਬਹਿਲ ਵੱਲੋਂ ਪਿੰਡ ਗੋਹਤ ਪੋਖਰ ਵਿਖੇ ਦੋ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਨਵੇਂ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ ਗਿਆ।

ਇਹ ਦੋਵੇਂ ਪ੍ਰੋਜੈਕਟ ਪਿੰਡ ਦੀਆਂ ਲੰਮੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਪੂਰਾ ਕਰਨ ਵਾਲੇ ਹਨ। ਪੰਜਾਬ ਸਰਕਾਰ ਵੱਲੋਂ ਹੈਲਥ ਐਂਡ ਵੈਲਨੈਸ ਸੈਂਟਰ ਉੱਪਰ 35 ਲੱਖ ਰੁਪਏ ਅਤੇ ਪੰਚਾਇਤ ਘਰ ਉੱਪਰ 25 ਲੱਖ ਰੁਪਏ ਦੀ ਲਾਗਤ ਆਉਣੀ ਤੈਅ ਕੀਤੀ ਗਈ ਹੈ। ਇਸ ਮੌਕੇ ਤੇ ਪਿੰਡ ਵਿੱਚ ਇੱਕ ਭਰਵੇ ਜਨਤਕ ਇਕੱਠ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਹਿਲ ਨੇ ਕਿਹਾ ਕਿ ਅੱਜ ਦਾ ਦਿਨ ਪਿੰਡ ਗੋਹਤ ਪੋਖਰ ਲਈ ਇਤਿਹਾਸਕ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਪਿੰਡ ਨੂੰ ਵਿਕਾਸ ਅਤੇ ਸੁਵਿਧਾਵਾਂ ਦੇ ਰਾਹ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਹੈਲਥ ਐਂਡ ਵੈਲਨੈਸ ਸੈਂਟਰ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਘਰ ਦੇ ਨੇੜੇ ਹੀ ਉਪਲਬਧ ਹੋਣਗੀਆਂ, ਜਿਸ ਨਾਲ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਖਾਸ ਤੌਰ ‘ਤੇ ਲਾਭ ਮਿਲੇਗਾ।
ਰਮਨ ਬਹਿਲ ਨੇ ਇਹ ਵੀ ਕਿਹਾ ਕਿ ਪਿੰਡ ਵਿੱਚ ਪੰਚਾਇਤ ਘਰ ਦੀ ਘਾਟ ਕਾਫ਼ੀ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ, ਜਿਸਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਚਾਇਤ ਘਰ ਬਣਨ ਤੋਂ ਬਾਅਦ ਪਿੰਡ ਦੀ ਪੰਚਾਇਤ ਇੱਥੇ ਬੈਠ ਕੇ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕਰੇਗੀ ਅਤੇ ਇਹ ਘਰ ਕਾਮਨ ਸਰਵਿਸ ਸੈਂਟਰ ਵਜੋਂ ਵੀ ਆਪਣੀਆਂ ਸੇਵਾਵਾਂ ਦੇਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਲਈ ਹੋਰ ਕਿਤੇ ਜਾਣ ਦੀ ਲੋੜ ਨਹੀਂ ਰਹੇਗੀ।
ਉਨ੍ਹਾਂ ਦੀ ਪ੍ਰਾਥਮਿਕਤਾ ਹਮੇਸ਼ਾ ਹਲਕਾ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ “ਮੇਰੀ ਕੋਸ਼ਿਸ਼ ਹੈ ਕਿ ਮੇਰੇ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ ਤਾਂ ਜੋ ਹਲਕਾ ਗੁਰਦਾਸਪੁਰ ਹਰ ਪੱਖੋਂ ਅਗਾਂਹ ਵਧੇ।
ਇਸ ਮੌਕੇ ਪਿੰਡ ਵਾਸੀਆਂ ਨੇ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਪਿੰਡ ਦੀਆਂ ਜਰੂਰਤਾਂ ਨੂੰ ਸਮਝਦਿਆਂ ਜੋ ਪ੍ਰੋਜੈਕਟ ਸ਼ੁਰੂ ਕੀਤੇ ਹਨ, ਉਹ ਲੋਕਾਂ ਦੇ ਜੀਵਨ ‘ਚ ਵੱਡਾ ਸਕਾਰਾਤਮਕ ਬਦਲਾਅ ਲਿਆਉਣਗੇ।

ਇਸ ਸਮਾਰੋਹ ਵਿੱਚ ਸਥਾਨਕ ਆਗੂਆਂ, ਪੰਚਾਇਤ ਮੈਂਬਰਾਂ, ਅਧਿਕਾਰੀਆਂ ਅਤੇ ਪਿੰਡ ਦੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।










