Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 8 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਹੜ੍ਹ ਪੀੜਤਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਮੋਰਚੇ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਭਾਰਤ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

ਧਰਨੇ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਅਗਸਤ 2025 ਦੇ ਅਖੀਰਲੇ ਹਫ਼ਤੇ ਤੋਂ ਸ਼ੁਰੂ ਹੋਏ ਭਾਰੀ ਮੀਂਹ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਲਗਭਗ 59 ਲੋਕਾਂ ਦੀ ਜਾਨ ਚਲੀ ਗਈ, ਫਸਲਾਂ ਬਰਬਾਦ ਹੋ ਗਈਆਂ, ਪਸ਼ੂ ਰੁੜ ਗਏ, ਜਮੀਨ ਦਰਿਆ ਪੁਰਦ ਹੋ ਗਈ ਅਤੇ ਕਈ ਖੇਤਾਂ ਵਿੱਚ ਰੇਤ ਭਰ ਗਈ।
ਆਗੂਆਂ ਨੇ ਕਿਹਾ ਕਿ ਹੜ੍ਹ ਕੁਦਰਤੀ ਆਫ਼ਤ ਨਹੀਂ, ਸਗੋਂ ਮਨੁੱਖੀ ਲਾਪਰਵਾਹੀ ਦਾ ਨਤੀਜਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਮੈਨੇਜਮੈਂਟ ਇਸ ਆਫ਼ਤ ਲਈ ਜਿੰਮੇਵਾਰ ਹਨ ਕਿਉਂਕਿ ਡੈਮਾਂ ਦੀ ਸਫਾਈ, ਪੜਤਾਲ ਅਤੇ ਮੁਰੰਮਤ ਸਮੇਂ ’ਤੇ ਨਹੀਂ ਕੀਤੀ ਗਈ।

ਮੋਰਚੇ ਨੇ ਮੰਗ ਕੀਤੀ ਕਿ ਕਾਸ਼ਤਕਾਰਾਂ ਨੂੰ ਹੜ੍ਹਾਂ ਕਾਰਨ ਨਸ਼ਟ ਹੋਈਆਂ ਫਸਲਾਂ ਦਾ ਮੁਆਵਜ਼ਾ 70,000 ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ ਇਸਦਾ 10 ਫੀਸਦੀ ਦੇ ਹਿਸਾਬ ਨਾਲ ਦਿੱਤਾ ਜਾਵੇ। ਉਨ੍ਹਾਂ ਨੇ ਪੰਜ ਏਕੜ ਦੀ ਸ਼ਰਤ ਹਟਾਉਣ ਦੀ ਵੀ ਮੰਗ ਕੀਤੀ। ਦਰਿਆ ਪੁਰਧ ਹੋਈ ਜਮੀਨ ਨੂੰ ਸਰਕਾਰ ਵੱਲੋਂ ਮਾਰਕੀਟ ਰੇਟ ’ਤੇ ਖਰੀਦ ਕੇ ਕਿਸਾਨਾਂ ਨੂੰ ਬਦਲਵੀ ਜਮੀਨ ਜਾਂ ਢੁਕਵੀਂ ਕੀਮਤ ਦਿੱਤੀ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਹੜ੍ਹ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਢੱਠੇ ਮਕਾਨਾਂ ਦਾ 10 ਲੱਖ, ਗਾਂ-ਮੱਝ ਵਰਗੇ ਵੱਡੇ ਪਸ਼ੂਆਂ ਦਾ 1 ਲੱਖ ਅਤੇ ਛੋਟੇ ਪਸ਼ੂਆਂ ਜਿਵੇਂ ਭੇਡ-ਬੱਕਰੀ ਦਾ 20 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ।
ਗੰਨਾ ਕਾਸ਼ਤਕਾਰਾਂ ਲਈ ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਮੁਫ਼ਤ ਗੰਨੇ ਦਾ ਬੀਜ ਦਿੱਤਾ ਜਾਵੇ, ਨੁਕਸਾਨੀ ਫਸਲ ਦਾ 1 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਖੰਡ ਮਿਲਾਂ ਵਲੋਂ ਬਕਾਇਆ ਰਕਮ ਤੁਰੰਤ ਕਿਸਾਨਾਂ ਨੂੰ ਅਦਾ ਕੀਤੀ ਜਾਵੇ।

ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਗੁਰਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਕਰਨੈਲ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਲਖਵਿੰਦਰ ਸਿੰਘ ਮੰਜਿਆਂਵਾਲੀ, ਕਿਰਤੀ ਕਿਸਾਨ ਯੂਨੀਅਨ ਦੇ ਸਤਬੀਰ ਸਿੰਘ ਸੁਲਤਾਨੀ, ਪੰਜਾਬ ਕਿਸਾਨ ਯੂਨੀਅਨ ਦੇ ਅਸ਼ਵਨੀ ਕੁਮਾਰ, ਜਮਹੂਰੀ ਕਿਸਾਨ ਸਭਾ ਦੇ ਹਰਜੀਤ ਸਿੰਘ ਕਾਲੋ, ਕੁਲ ਹਿੰਦ ਕਿਸਾਨ ਸਭਾ ਦੇ ਗੁਲਜਾਰ ਸਿੰਘ ਬਸੰਤਕੋਟ, ਪੋਲਟਰੀ ਫਾਰਮ ਐਸੋਸੀਏਸ਼ਨ ਦੇ ਰਵਿੰਦਰ ਸਿੰਘ, ਜਮੀਨ ਬਚਾਓ ਸੰਘਰਸ਼ ਕਮੇਟੀ ਦੇ ਸੋਨਾ ਸ਼ਾਹ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਕਸ਼ਮੀਰ ਸਿੰਘ ਤੁਗਲਵਾਲ, ਮਜ਼ਦੂਰ ਯੂਨੀਅਨ ਦੇ ਗੁਲਜਾਰ ਸਿੰਘ ਭੁੰਬਲੀ ਆਦਿ ਨੇ ਸੰਬੋਧਨ ਕੀਤਾ।


Share & like

Leave a Reply