Share & like

ਭਗਵੰਤ ਮਾਨ ਨੇ ਨਸ਼ਾ ਤਸਕਰਾਂ ’ਤੇ ਨਸਲਕੁਸ਼ੀ ਦੇ ਕੇਸ ਚਲਾਉਣ ਦੀ ਵਕਾਲਤ ਕੀਤੀ

ਰੋਜ਼ਾਨਾ ਖ਼ਬਰ ਬਿਊਰੋ
ਬਠਿੰਡਾ, 9 ਅਕਤੂਬਰ
ਪੰਜਾਬ ਸਰਕਾਰ ਨੇ ਅੱਜ ਖੇਡਾਂ ਅਤੇ ਨੌਜਵਾਨਾਂ ਦੇ ਵਿਕਾਸ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪਹਿਲੇ ਪੜਾਅ ਤਹਿਤ ਤਿੰਨ ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਸਟੇਡੀਅਮ ਬਣਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਦੀ ਰਸਮੀ ਸ਼ੁਰੂਆਤ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਤੋਂ ਹੋਈ, ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਜ਼ਰੀ ਭਰੀ।

ਇਸ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਸਨਅਤੀ ਖੇਤਰ ਰਾਹੀਂ 4 ਲੱਖ ਨਵੀਆਂ ਨੌਕਰੀਆਂ ਦੇਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨਸ਼ੇ ਤੋਂ ਬਚ ਕੇ ਨਵੀਂ ਸ਼ੁਰੂਆਤ ਕਰਨ ਵਾਲੇ ਨੌਜਵਾਨਾਂ ਨੂੰ ਨਾ ਸਿਰਫ਼ ਖੇਡਾਂ ਵਿੱਚ ਜੋੜ ਰਹੀ ਹੈ, ਸਗੋਂ ਉਨ੍ਹਾਂ ਲਈ ਰੁਜ਼ਗਾਰ ਦੇ ਦਰਵਾਜ਼ੇ ਵੀ ਖੋਲ੍ਹ ਰਹੀ ਹੈ।
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਹੁਣ ਤੱਕ 55 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਅਤੇ ਇਹ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਆਧੁਨਿਕ ਖੇਡ ਮੈਦਾਨ ਬਣਨ ਨਾਲ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਨਾ ਮਿਲੇਗੀ ਅਤੇ ਨਸ਼ੇ ਤੋਂ ਦੂਰ ਰਹਿਣ ਦਾ ਮੌਕਾ ਮਿਲੇਗਾ।

ਕੇਜਰੀਵਾਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਸਖ਼ਤ ਬੋਲਬਾਣੀ ਵਰਤਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਨੂੰ ਘਰ-ਘਰ ਪਹੁੰਚਾਉਣ ਵਿੱਚ ਨਾਪਾਕ ਭੂਮਿਕਾ ਨਿਭਾਈ ਸੀ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਪਹਿਲੀ ਵਾਰ ਵੱਡੇ-ਵੱਡੇ ਨਸ਼ਾ ਤਸਕਰਾਂ ਅਤੇ ਰਸੂਖਦਾਰ ਨੇਤਾਵਾਂ ਨੂੰ ਜੇਲ੍ਹਾਂ ਦੇ ਪਿੱਛੇ ਭੇਜ ਕੇ ਲੋਕਾਂ ਵਿੱਚ ਭਰੋਸਾ ਜਮਾਇਆ ਹੈ। ਕੇਜਰੀਵਾਲ ਨੇ ਇਸ਼ਾਰਾ ਕੀਤਾ ਕਿ ਜਦੋਂ ਚਿੱਟਾ ਵੇਚਣ ਵਾਲੇ ਇਕ ਵੱਡੇ ਨੇਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਸਾਰੀਆਂ ਵਿਰੋਧੀ ਪਾਰਟੀਆਂ ਇਕੱਠੀਆਂ ਹੋ ਗਈਆਂ। ਇਹ ਸਾਬਤ ਕਰਦਾ ਹੈ ਕਿ ਸਾਰੇ ਆਪਸ ਵਿੱਚ ਮਿਲੇ ਹੋਏ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਨਸ਼ੇ ਦਾ ਕਾਰੋਬਾਰ ਚਲਾ ਕੇ ਪੰਜਾਬ ਦੇ ਭਵਿੱਖ ਨਾਲ ਖੇਡ ਕੀਤੀ, ਉਹ ਸਿਰਫ਼ ਅਪਰਾਧੀ ਨਹੀਂ ਉਹ ਮਨੁੱਖਤਾ ਦੇ ਵਿਰੁੱਧ ਜੁਰਮ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ੀਆਂ ’ਤੇ ਨਸਲਕੁਸ਼ੀ ਦੇ ਕੇਸ ਚੱਲਣੇ ਚਾਹੀਦੇ ਹਨ।
ਮਾਨ ਨੇ ਕਿਹਾ ਕਿ ਨਵੇਂ ਬਣ ਰਹੇ ਖੇਡ ਸਟੇਡੀਅਮ ਅਤਿ ਆਧੁਨਿਕ ਤਕਨੀਕ ਨਾਲ ਲੈਸ ਹੋਣਗੇ, ਜਿੱਥੇ ਖਿਡਾਰੀਆਂ ਨੂੰ ਤਿਆਰੀ ਲਈ ਹਰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਪਿੰਡ ਵਿੱਚ ਇੱਕ ਮਜ਼ਬੂਤ ਖੇਡ ਸੰਸਕ੍ਰਿਤੀ ਖੜੀ ਕੀਤੀ ਜਾਵੇ, ਤਾਂ ਜੋ ਨੌਜਵਾਨਾਂ ਦੀ ਊਰਜਾ ਸਹੀ ਦਿਸ਼ਾ ਵਿੱਚ ਵਰਤੀ ਜਾ ਸਕੇ।

ਭਗਵੰਤ ਮਾਨ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਨੇਤਾਵਾਂ ਨੇ ਨਸ਼ੇ ਦੇ ਕਾਰੋਬਾਰ ਨੂੰ ਪ੍ਰੋਤਸਾਹਿਤ ਕੀਤਾ। ਇਹ ਸਾਰੇ ਇੱਕ-ਦੂਜੇ ਨਾਲ ਮਿਲੇ ਹੋਏ ਸਨ ਅਤੇ ਹੁਣ ਉਹੀ ਲੋਕ ਸਾਡੇ ਯਤਨਾਂ ਦੀ ਆਲੋਚਨਾ ਕਰ ਰਹੇ ਹਨ।

ਇਸ ਸਮਾਗਮ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬਠਿੰਡਾ ਜ਼ਿਲ੍ਹੇ ਦੇ ‘ਆਪ’ ਵਿਧਾਇਕਾਂ ਅਤੇ ਕਈ ਹੋਰ ਪਾਰਟੀ ਆਗੂ ਵੀ ਮੌਜੂਦ ਸਨ। ਹਜ਼ਾਰਾਂ ਲੋਕਾਂ ਦੀ ਭੀੜ ਨੇ ਨਸ਼ਾ ਮੁਕਤ ਪੰਜਾਬ ਦੇ ਨਾਅਰਿਆਂ ਨਾਲ ਮਾਨ ਸਰਕਾਰ ਦੇ ਉਪਰਾਲਿਆਂ ਦਾ ਸਵਾਗਤ ਕੀਤਾ।


Share & like

Leave a Reply