ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 12 ਅਕਤੂਬਰ
ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਦਿਆਂ ਪਿੰਡ ਨਾਸਰਕੇ ਵਿੱਚ ਪਹਿਲੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਾਲੇ ਕਿਸਾਨ ਕੋਲੋਂ 5,000 ਰੁਪਏ ਵਾਤਾਵਰਣ ਮੁਆਵਜ਼ਾ ਵਸੂਲ ਕਰਕੇ ਉਸਦੇ ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਸੈਟੇਲਾਈਟ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਪਰਾਲੀ ਸਾੜਨ ਦੀ ਘਟਨਾ ਪਾਈ ਜਾਵੇਗੀ, ਉੱਥੇ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਨਾਸਰਕੇ ਵਿੱਚ ਇਹ ਪਹਿਲੀ ਘਟਨਾ ਦਰਜ ਹੋਈ ਹੈ, ਜਿਸ ‘ਤੇ ਜੁਰਮਾਨਾ ਲਗਾ ਕੇ ਰੈਵਨਿਊ ਰਿਕਾਰਡ ‘ਚ ਐਂਟਰੀ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਕਿ ਜੇਹੜੇ ਕਿਸਾਨ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਤੋਂ ਬਾਅਦ ਵੀ ਬਚੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦੇ ਹਨ, ਉਹ ਵੀ ਕਾਰਵਾਈ ਦੇ ਹੱਕਦਾਰ ਹੋਣਗੇ। ਉਨ੍ਹਾਂ ਕਿਹਾ ਕਿ ਇਹ ਅੱਗ ਸੈਟੇਲਾਈਟ ਤੋਂ ਛੁਪਾਈ ਨਹੀਂ ਜਾ ਸਕਦੀ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਸੁਪਰੀਮ ਕੋਰਟ ਤੇ NGT ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਗਾਉਣ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲ ਉਪਲੱਬਧ ਹੈ। ਜੇ ਕਿਸੇ ਕਿਸਾਨ ਨੂੰ ਮੁਸ਼ਕਲ ਆਉਂਦੀ ਹੈ, ਤਾਂ ਉਹ ਖੇਤੀਬਾੜੀ ਵਿਭਾਗ ਜਾਂ ਐਸ.ਡੀ.ਐਮ. ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨੋਡਲ ਅਫ਼ਸਰਾਂ ਅਤੇ ਗਠਿਤ ਟੀਮਾਂ ਨੂੰ ਰੋਜ਼ਾਨਾ ਫੀਲਡ ਵਿੱਚ ਰਹਿਣ ਦੀ ਸਖ਼ਤ ਹਦਾਇਤ ਦਿੱਤੀ ਗਈ ਹੈ ਤਾਂ ਜੋ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨਾ ਸਾੜਨਾ ਸਾਡੇ ਵਾਤਾਵਰਣ ਅਤੇ ਭਵਿੱਖੀ ਪੀੜ੍ਹੀਆਂ ਲਈ ਸਭ ਤੋਂ ਵੱਡੀ ਸੇਵਾ ਹੈ।










