ਸਰਹੱਦੀ ਇਲਾਕਿਆਂ ‘ਚ ਨਾਕਾਬੰਦੀ ਕਰਕੇ ਕੀਤੀ ਗਈ ਵਿਆਪਕ ਚੈਕਿੰਗ
ਮਿਲਾਵਟ ਕਰਨ ਵਾਲਿਆਂ ਖ਼ਿਲਾਫ਼ ਖ਼ੁਰਾਕ ਸੁਰੱਖਿਆ ਐਕਟ ਤਹਿਤ ਹੋਵੇਗੀ ਸਖ਼ਤ ਕਾਰਵਾਈ: ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 14 ਅਕਤੂਬਰ
ਤਿਉਹਾਰਾਂ ਦੇ ਮੌਕੇ ਲੋਕਾਂ ਨੂੰ ਸੁਰੱਖਿਅਤ ਅਤੇ ਸੁੱਚੇ ਖਾਣ-ਪੀਣ ਦੇ ਪਦਾਰਥ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਖ਼ਾਸ ਸਖ਼ਤੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਵਧੀਕ ਫੂਡ ਕਮਿਸ਼ਨਰ ਡਾ. ਗੁਰਪ੍ਰੀਤ ਸਿੰਘ ਪੰਨੂ ਦੀ ਅਗਵਾਈ ਹੇਠ ਅੱਜ ਤੜਕਸਾਰ ਹੀ ਸਰਹੱਦੀ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਢਾਬਿਆਂ, ਦੁਕਾਨਾਂ, ਡੇਅਰੀਆਂ ਅਤੇ ਖ਼ੁਰਾਕੀ ਸਮਾਨ ਵੇਚਣ ਵਾਲਿਆਂ ਸਥਾਨਾਂ ਤੋਂ ਨਮੂਨੇ ਇਕੱਠੇ ਕੀਤੇ ਗਏ। ਇਨ੍ਹਾਂ ਵਿੱਚ ਨਮਕ, ਆਟਾ, ਦੇਸੀ ਘਿਉ, ਰਸ, ਅਚਾਰ, ਦੁੱਧ ਅਤੇ ਪਨੀਰ ਵਰਗੇ ਆਮ ਵਰਤੋਂ ਵਾਲੇ ਪਦਾਰਥ ਸ਼ਾਮਲ ਸਨ। ਇਹ ਸਾਰੇ ਸੈਂਪਲ ਜਾਂਚ ਲਈ ਫੂਡ ਲੈਬੋਰੇਟਰੀ ਖਰੜ ਭੇਜੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਮਿਲਾਵਟ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਮਿਲਾਵਟੀ ਸਮਾਨ ਵੇਚਿਆ ਜਾਂ ਤਿਆਰ ਕੀਤਾ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਖ਼ੁਰਾਕ ਸੁਰੱਖਿਆ ਐਕਟ ਤਹਿਤ ਕੜੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਾ. ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਸਥਾਨ ‘ਤੇ ਮਿਲਾਵਟ ਜਾਂ ਗਲਤ ਖ਼ੁਰਾਕੀ ਸਮੱਗਰੀ ਵੇਚਣ ਦੀ ਸੂਚਨਾ ਮਿਲਦੀ ਹੈ ਤਾਂ ਉਹ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਿਕਾਇਤਕਰਤਾ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਨੇ ਇਹ ਵੀ ਸਾਫ਼ ਕੀਤਾ ਕਿ ਇਹ ਚੈਕਿੰਗ ਮੁਹਿੰਮ ਤਿਉਹਾਰੀ ਮੌਸਮ ਦੌਰਾਨ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਗੈਰਕਾਨੂੰਨੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਪੰਨੂ ਨੇ ਦੁਕਾਨਦਾਰਾਂ, ਹੋਟਲ ਅਤੇ ਢਾਬਾ ਮਾਲਕਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸਥਾਨਾਂ ਦੀ ਸਾਫ਼-ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਨੂੰ ਢੱਕ ਕੇ ਅਤੇ ਸੁਰੱਖਿਅਤ ਤਰੀਕੇ ਨਾਲ ਰੱਖਣਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਲਾਇਸੰਸ ਅਤੇ ਰਜਿਸਟ੍ਰੇਸ਼ਨ ਅਪਡੇਟ ਰੱਖਣ ਅਤੇ ਸਾਰੇ ਕਰਮਚਾਰੀਆਂ ਦੇ ਮੈਡੀਕਲ ਟੈਸਟ ਸਮੇਂ-ਸਮੇਂ ਤੇ ਕਰਵਾਉਣ ਦੀ ਸਖ਼ਤ ਹਦਾਇਤ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਮਿਲਾਵਟ ਸਿਰਫ਼ ਕਾਨੂੰਨੀ ਉਲੰਘਣਾ ਹੀ ਨਹੀਂ ਸਗੋਂ ਇਹ ਲੋਕਾਂ ਦੀ ਸਿਹਤ ਨਾਲ ਖੇਡਣ ਦੇ ਬਰਾਬਰ ਹੈ। ਇਸ ਲਈ ਸਾਰੇ ਵਪਾਰੀਆਂ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਾਫ਼ ਅਤੇ ਸੁੱਚੇ ਖੁਰਾਕ ਪਦਾਰਥ ਹੀ ਉਪਲਬਧ ਕਰਵਾਉਣੇ ਚਾਹੀਦੇ ਹਨ।

ਇਸ ਚੈਕਿੰਗ ਮੁਹਿੰਮ ਵਿੱਚ ਫੂਡ ਸੇਫਟੀ ਅਫ਼ਸਰ ਮੈਡਮ ਰੇਖਾ ਸ਼ਰਮਾ, ਨਿਤੇਸ਼ ਕੁਮਾਰ, ਮੋਹਿਤ ਸ਼ਰਮਾ ਅਤੇ ਏ.ਐਸ.ਆਈ ਰਾਜੇਸ਼ ਕੁਮਾਰ ਦੀ ਭੂਮਿਕਾ ਵੀ ਖ਼ਾਸ ਰਹੀ। ਇਹ ਸਾਰੀ ਕਾਰਵਾਈ ਸਵੇਰੇ ਤੋਂ ਸ਼ੁਰੂ ਹੋ ਕੇ ਦੁਪਹਿਰ ਤੱਕ ਚਲਦੀ ਰਹੀ ਅਤੇ ਪ੍ਰਸ਼ਾਸਨ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਇਹ ਮੁਹਿੰਮ ਹੋਰ ਵੀ ਤੇਜ਼ੀ ਨਾਲ ਜਾਰੀ ਰਹੇਗੀ।











