Share & like

ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਵਿੱਤੀ ਸਹਾਇਤਾ ਰਾਸ਼ੀ ਵੰਡੀ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ – ਮੋਹਿੰਦਰ ਭਗਤ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 16 ਅਕਤੂਬਰ:
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਗੁਰਦਾਸਪੁਰ ਵਿਖੇ ਸੈਨਿਕ ਰੈਸਟ ਹਾਉਸ ਦੀ ਨਵੀਨੀਕਰਨ ਕੀਤੀ ਇਮਾਰਤ ਦਾ ਵਿਧਿਵਤ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਅੰਗਹੀਣ ਸਾਬਕਾ ਸੈਨਿਕਾਂ ਨੂੰ ਆਟੋਮੈਟਿਕ ਵਹੀਕਲ ਅਤੇ ਆਰਥਿਕ ਸਹਾਇਤਾ ਲਈ ਵਿੱਤੀ ਰਾਸ਼ੀ ਭੇਂਟ ਕੀਤੀ ਗਈ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਡਾਇਰੈਕਟਰ ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਭੁਪਿੰਦਰ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਡੀ.ਐਮ. ਮਨਜੀਤ ਸਿੰਘ ਰਾਜ਼ਲਾ, ਕਮਾਂਡੈਂਟ ਬਲਜਿੰਦਰ ਵਿਰਕ, ਡਿਪਟੀ ਡਾਇਰੈਕਟਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ, ਸੀਨੀਅਰ ਆਗੂ ਅਜੈ ਬਹਿਲ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਨੀਰਜ ਸਲਹੋਤਰਾ, ਕੁੰਵਰ ਰਵਿੰਦਰ ਵਿੱਕੀ ਅਤੇ ਸਾਬਕਾ ਸੈਨਿਕਾਂ ਸਮੇਤ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦੇਸ਼ ਦੀ ਖਾਤਰ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਂਦੀ ਹੈ।

ਮੋਹਿੰਦਰ ਭਗਤ ਨੇ ਦੱਸਿਆ ਕਿ ਉਹ ਖ਼ੁਦ ਪੰਜਾਬ ਦੇ ਸਾਰੇ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਤੁਰੰਤ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸਮੱਸਿਆ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ।
ਸਮਾਗਮ ਦੌਰਾਨ ਡਾਇਰੈਕਟਰ ਭੁਪਿੰਦਰ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸੈਨਿਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਕਮਾਂਡੈਂਟ ਬਲਜਿੰਦਰ ਵਿਰਕ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇਂ 42,700 ਐਕਸ ਸਰਵਿਸਮੈਨ, 4800 ਸ਼ਹੀਦ ਸੈਨਿਕਾਂ ਦੀਆਂ ਪਤਨੀਆਂ, 310 ਲੜਾਈਆਂ ਵਿੱਚ ਸ਼ਹੀਦ ਅਤੇ 289 ਗੈਲੰਟਰੀ ਐਵਾਰਡੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਹਰ ਮੁਸ਼ਕਲਾਂ ਨੂੰ ਤਰਜੀਹ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ।

ਸਮਾਗਮ ਦੀ ਸਮੁੱਚੀ ਕਾਰਵਾਈ ਕੁੰਵਰ ਰਵਿੰਦਰ ਵਿੱਕੀ ਵਲੋਂ ਸੰਚਾਲਿਤ ਕੀਤੀ ਗਈ। ਉਨ੍ਹਾਂ ਨੇ ਗੁਰਦਾਸਪੁਰ ਦੇ ਸ਼ਹੀਦਾਂ ਵੱਲੋਂ ਦੇਸ਼ ਲਈ ਕੀਤੇ ਯੋਗਦਾਨਾਂ ਦਾ ਵੀ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।


Share & like

Leave a Reply