Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ ਬਿਊਰੋ
ਗੁਰਦਾਸਪੁਰ, 4 ਨਵੰਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਿਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਗੁਰਦਾਸਪੁਰ ਦੀਆਂ ਖੱਬੀ ਧਿਰਾਂ ਸੀਪੀਆਈ ਅਤੇ ਸੀਪੀਆਈ(ਐਮਐਲ) ਲਿਬਰੇਸ਼ਨ ਵੱਲੋਂ ਗੁਰੂ ਨਾਨਕ ਪਾਰਕ, ਗੁਰਦਾਸਪੁਰ ਵਿਖੇ ਰੋਸ ਰੈਲੀ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਗੂਆਂ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਦੇਸ਼ ਦੇ ਉਪ-ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਬੋਲਦਿਆਂ ਕਮਿਊਨਿਸਟ ਆਗੂ ਗੁਲਜ਼ਾਰ ਸਿੰਘ ਬਸੰਤਕੋਟ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਗੁਰਮੀਤ ਸਿੰਘ ਬਖਤਪੁਰਾ ਨੇ ਕੇਂਦਰ ਦੀ ਮੋਦੀ ਸਰਕਾਰ ਉੱਤੇ ਦੋਸ਼ ਲਗਾਇਆ ਕਿ ਸਰਕਾਰ ਨੇ ਯੂਨੀਵਰਸਿਟੀ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਗਈ 90 ਮੈਬਰੀ ਸੈਨਿਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਸੰਵਿਧਾਨ ਦੇ ਸੰਘੀ ਢਾਂਚੇ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਵੇਂ ਨੋਟੀਫਿਕੇਸ਼ਨ ਅਨੁਸਾਰ ਹੁਣ ਯੂਨੀਵਰਸਿਟੀ ਦਾ ਪ੍ਰਬੰਧ ਵੀ.ਸੀ. ਵਲੋਂ ਮਨੋਨੀਤ ਕੀਤੀ ਜਾਣ ਵਾਲੀ 31 ਮੈਬਰੀ ਸੈਨਿਟ ਕਰੇਗੀ, ਜੋ ਕਿ ਤਾਨਾਸ਼ਾਹੀ ਫ਼ੈਸਲਾ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਸਰਕਾਰ ਵੱਲੋਂ ਪੰਜਾਬ ਲਈ ਸਥਾਪਿਤ ਕੀਤੀ ਗਈ ਸੀ ਅਤੇ ਇਸ ਦੇ ਖਰਚੇ ਦਾ 60 ਪ੍ਰਤੀਸ਼ਤ ਹਿੱਸਾ ਪੰਜਾਬ ਸਰਕਾਰ ਵੰਡਦੀ ਹੈ। ਇਸ ਕਾਰਵਾਈ ਨੂੰ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੀ ਨੀਤੀ ਦਾ ਹਿੱਸਾ ਕਰਾਰ ਦਿਤਾ ਅਤੇ ਕਿਹਾ ਕਿ ਆਰਐਸਐਸ ਵਲੋਂ ਦੇਸ਼-ਪੱਧਰ ‘ਤੇ ਸਿੱਖਿਆ ਦਾ ਭਗਵਾਕਰਨ ਕਰਨ ਦਾ ਏਜੰਡਾ ਚਲਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਚੰਡੀਗੜ੍ਹ ਦੇ ਸਰਕਾਰੀ ਅਦਾਰਿਆਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੰਜਾਬ ਦੀ ਰਾਜਧਾਨੀ ਦੇ ਰੋਲ ਨੂੰ ਖਤਮ ਕਰਨਾ ਚਾਹੁੰਦੀ ਹੈ, ਤਾਂ ਜੋ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ-ਸ਼ਾਸਿਤ ਪ੍ਰਦੇਸ਼ ਬਣਾਇਆ ਜਾ ਸਕੇ।
ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨਿਟ ਅਤੇ ਸਿੰਡੀਕੇਟ ਨੂੰ ਤੁਰੰਤ ਬਹਾਲ ਕੀਤਾ ਜਾਵੇ। ਉਨ੍ਹਾਂ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਚੱਲ ਰਹੇ ਧਰਨੇ ਨਾਲ ਇਕਜੁੱਟਤਾ ਜਾਹਿਰ ਕੀਤੀ ਤੇ ਕਿਹਾ ਕਿ ਇਸ ਗੈਰ-ਜਮਹੂਰੀ ਕਦਮ ਦਾ ਪੰਜਾਬੀ ਸਮਾਜ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ।

ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ, ਕਰਨੈਲ ਸਿੰਘ, ਬਲਬੀਰ ਸਿੰਘ ਬੈਂਸ, ਗੁਰਦੀਪ ਸਿੰਘ ਮੁਸਤਫਾਬਾਦ, ਬਲਬੀਰ ਸਿੰਘ ਉੱਚਾ ਧਕਾਲਾ, ਬਲਬੀਰ ਸਿੰਘ ਕਤੋਵਾਲ ਅਤੇ ਮਜ਼ਦੂਰ ਆਗੂ ਵਿਜੇ ਸ਼ੋਹਲ, ਪ੍ਰੇਮ ਮਸੀਹ ਸੋਨਾ, ਬਚਨ ਸਿੰਘ ਬੋਪਾਰਾਏ, ਦਰਸ਼ਨ ਖਰੋਟਾ ਸਮੇਤ ਕਈ ਹੋਰ ਹਾਜ਼ਰ ਸਨ।


Share & like

Leave a Reply