ਰੋਜ਼ਾਨਾ ਖ਼ਬਰ
ਗੁਰਦਾਸਪੁਰ, 10 ਨਵੰਬਰ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਸ਼ਾਨਦਾਰ ਆਗਾਜ਼ ਹੋਇਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਦੀ ਰਹਿਨਮਾਈ ਹੇਠ ਇਹ ਸਮਾਗਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਵੱਲੋਂ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਦੇ ਜੀਵਨ ਅਤੇ ਉਪਦੇਸ਼ਾਂ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਸਮਗਰੀ ਤਿਆਰ ਕੀਤੀ ਗਈ ਹੈ। ਇਹ ਕਿਤਾਬਚਾ ਰੋਜ਼ਾਨਾ ਸਕੂਲਾਂ ਤੱਕ ਪਹੁੰਚਾਇਆ ਜਾਵੇਗਾ, ਜਿਸ ਦੇ ਅਧਾਰ ’ਤੇ ਸਵੇਰ ਦੀ ਸਭਾ ਦੌਰਾਨ ਲੈਕਚਰ ਕਰਵਾਏ ਜਾਣਗੇ।
ਉਹਨਾਂ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਥੀਮ ਅਧਾਰਿਤ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਪਹਿਲਾਂ ਇਹ ਮੁਕਾਬਲੇ ਕਲਸਟਰ ਪੱਧਰ ’ਤੇ ਹੋਣਗੇ, ਫਿਰ ਬਲਾਕ ਪੱਧਰ ’ਤੇ ਅਤੇ ਆਖ਼ਿਰ ਵਿੱਚ ਹਰ ਬਲਾਕ ਤੋਂ ਚੁਣੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਪਹਿਲੇ ਦਿਨ ਸਕੂਲਾਂ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਆਧਾਰਿਤ ਪਰਚਾ ਪੜ੍ਹਿਆ ਗਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਭਰ ਦੇ ਸਕੂਲਾਂ ਵਿੱਚ ਇਹ ਪ੍ਰੋਗਰਾਮ ਸ਼ਰਧਾ ਤੇ ਉਤਸ਼ਾਹ ਨਾਲ ਜਾਰੀ ਹਨ।











