ਮੁਲਜ਼ਮ ਤੋਂ 13.5 ਲੱਖ ਰੁਪਏ ਹੋਰ ਰਕਮ ਵੀ ਬਰਾਮਦ
ਰੋਜ਼ਾਨਾ ਖ਼ਬਰ
ਚੰਡੀਗੜ੍ਹ, 22 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐਸਡੀਐਮ ਵਿਕਰਮਜੀਤ ਸਿੰਘ ਪਾਂਥੇ ਨੂੰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਾਂਚ ਦੌਰਾਨ 13,50,000 ਰੁਪਏ ਦੀ ਹੋਰ ਰਕਮ ਵੀ ਬਰਾਮਦ ਕੀਤੀ ਗਈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਉਸਨੇ ਨਗਰ ਨਿਗਮ ਬਟਾਲਾ ਵਿਖੇ ਸੜਕਾਂ ਦਾ ਪੈਚ ਵਰਕ ਅਤੇ ਮੁਰੰਮਤ ਦਾ ਕੰਮ ਕਰਵਾਇਆ ਸੀ, ਜਿਸਦੇ ਦੋ ਬਿੱਲ 1,87,483 ਰੁਪਏ ਅਤੇ 1,85,369 ਰੁਪਏ ਦੇ ਸਨ। ਦੋਵਾਂ ਬਿੱਲਾਂ ਦੀ ਕੁੱਲ ਰਕਮ 3,72,852 ਰੁਪਏ ਬਣਦੀ ਸੀ।
ਬਿੱਲਾਂ ਦੀ ਅਦਾਇਗੀ ਲਈ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਨੂੰ ਮਿਲਿਆ ਤਾਂ ਬਿੱਲਾਂ ਨੂੰ ਕਲੀਅਰ ਕਰਵਾਉਣ ਲਈ 10 ਫੀਸਦੀ ਕਮਿਸ਼ਨ ਵਜੋਂ 37000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਟਾਲਾ ਵਿੱਚ ਇੱਕ ਲਾਈਟ ਐਂਡ ਸਾਊਂਡ ਸ਼ੋਅ ਲਈ ਕੈਮਰਾ ਅਤੇ ਹੋਰ ਸਬੰਧਤ ਕੰਮ ਵੀ ਕੀਤਾ ਸੀ। ਜਿਸਦੀ 1,81,543 ਰੁਪਏ ਦੀ ਰਕਮ ਵੀ ਬਕਾਇਆ ਸੀ। ਇਸ ਤਰ੍ਹਾਂ ਕੁੱਲ ਰਕਮ ਲਗਭਗ 5,54,395 ਰੁਪਏ ਦੀ ਅਦਾਇਗੀ ਬਕਾਇਆ ਸੀ। ਇਨ੍ਹਾਂ ਬਿੱਲਾਂ ਦੀ ਅਦਾਇਗੀ ਸਬੰਧੀ ਉਹ ਐਸਡੀਓ ਰੋਹਿਤ ਉੱਪਲ ਨੂੰ ਮਿਲਿਆਂ ਤਾਂ ਉਸਨੇ ਵੀ ਕਿਹਾ ਕਿ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ।
ਪਰ ਸ਼ਿਕਾਇਤਕਰਤਾ ਰਿਸ਼ਵਤ ਦੇ ਕੇ ਆਪਣਾ ਕੰਮ ਨਹੀਂ ਕਰਵਾਉਣਾ ਚਾਹੁੰਦਾ ਸੀ। ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵਿਖੇ ਸ਼ਿਕਾਇਤ ਦਰਜ ਕੀਤੀ ਗਈ ਸੀ ਅਤੇ ਦੋਸ਼ਾਂ ਦੀ ਪੁਸ਼ਟੀ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਯੋਜਨਾ ਤਹਿਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।










