Share & like

ਪਾਕਿਸਤਾਨੀ ਆਈ.ਐਸ.ਆਈ. ਦੇ ਹਮਾਇਤੀ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਸਾਂਝ: ਡੀਜੀਪੀ ਗੌਰਵ ਯਾਦਵ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 3 ਦਸੰਬਰ
ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚੱਲ ਰਹੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਗੁਰਦਾਸਪੁਰ ਸਿਟੀ ਪੁਲਿਸ ਥਾਣੇ ’ਤੇ 25 ਨਵੰਬਰ ਨੂੰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਗੁਰਦਾਸਪੁਰ ਪੁਲਿਸ ਨੇ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਾਸੀ ਰਾਮੂਵਾਲ, ਬਠਿੰਡਾ ਵਜੋਂ ਹੋਈ ਹੈ।
ਇਸ ਕਾਰਵਾਈ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਇਸ ਤੋਂ ਪਹਿਲਾਂ ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ ਨੂੰ ਗ੍ਰਿਫ਼ਤਾਰ ਕੀਤਾ ਚੁੱਕਾ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਹੋਏ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੋਹਨ ਸਿੰਘ ਪਾਕਿਸਤਾਨ ਦੀ ਆਈ.ਐਸ.ਆਈ. ਦੇ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਨਾਲ ਸੰਪਰਕ ਵਿੱਚ ਸੀ। ਉਹ ਉਸਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਲਈ ਹਮਲੇ ਦੀ ਸਾਜ਼ਿਸ਼ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ।
ਏ.ਆਈ.ਜੀ. ਸੀ.ਆਈ. ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇਹ ਸਾਂਝੀ ਕਾਰਵਾਈ ਸੰਭਵ ਹੋਈ। ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਨੇ ਕਿਹਾ ਕਿ ਮੋਹਨ ਸਿੰਘ ਦੀ ਨਿਸ਼ਾਨਦੇਹੀ ’ਤੇ ਇੱਕ .32 ਬੋਰ ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਕਾਲਾ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ, ਜਿਸਦੀ ਵਰਤੋਂ ਅਪਰਾਧ ਦੌਰਾਨ ਕੀਤੀ ਗਈ ਸੀ।

ਮਾਮਲੇ ਸਬੰਧੀ ਐਫਆਈਆਰ ਨੰਬਰ 289 ਮਿਤੀ 26/11/2025 ਨੂੰ ਬੀਐਨਐਸ ਦੀਆਂ ਧਾਰਾਵਾਂ 109, 324(4), 111 ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾ 3, 4, 5 ਤਹਿਤ ਸਿਟੀ ਗੁਰਦਾਸਪੁਰ ਥਾਣੇ ’ਤੇ ਦਰਜ ਹੈ।
ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਹੋਰ ਸੁਰਾਗ ਖੰਗਾਲੇ ਜਾ ਰਹੇ ਹਨ।


Share & like

Leave a Reply