Share & like

ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 5 ਦਸੰਬਰ
ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੰਭੀਰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਦਸਤਾਰ ਦੀ ਬੇਹੁਰਮਤੀ ਕਰਨ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲਗਾਉਂਦੇ ਹੋਏ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਰੰਧਾਵਾ ਦਾ ਕਹਿਣਾ ਹੈ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਨਾਮਜ਼ਦਗੀ ਭਰਦੇ ਸਮੇਂ ‘ਆਪ’ ਵਰਕਰਾਂ ਵੱਲੋਂ ਕਾਂਗਰਸੀ ਆਗੂਆਂ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਉਨ੍ਹਾਂ ਦੀਆਂ ਦਸਤਾਰਾਂ ਨਾਲ ਬੇਅਦਬੀ ਹੋਈ। ਦਾਅਵਾ ਕੀਤਾ ਗਿਆ ਕਿ ਇਸ ਘਟਨਾ ਤੋਂ ਬਾਅਦ ਵਿਧਾਇਕ ਗੁਰਦੀਪ ਰੰਧਾਵਾ ਵੱਲੋਂ ਦਸਤਾਰ ਬਾਰੇ ਅਪਮਾਨਜਨਕ ਸ਼ਬਦ ਵੀ ਵਰਤੇ ਗਏ ਜਿਨ੍ਹਾਂ ਨਾਲ ਸਿੱਖ ਸਿੱਧਾਂਤਾਂ ਨੂੰ ਸੱਟ ਪੁੱਜੀ ਹੈ।
ਉਨ੍ਹਾਂ ਕਿਹਾ ਕਿ ਦਸਤਾਰ ਸਿੱਖਾਂ ਲਈ ਮਾਣ ਤੇ ਸ਼ਾਨ ਦੀ ਨਿਸ਼ਾਨੀ ਹੈ, ਇਸਦੀ ਤੌਹੀਨ ਕਿਸੇ ਵੀ ਹਾਲਤ ਵਿੱਚ ਕਬੂਲ ਨਹੀਂ। ਰੰਧਾਵਾ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੇ ਪੱਤਰ ਵਿੱਚ ਅਪੀਲ ਕੀਤੀ ਕਿ ਇਸ ਮਾਮਲੇ ਦੀ ਪਰੰਪਰਾਗਤ ਸਿੱਖ ਰਹਿਤ ਰੀਤ ਅਨੁਸਾਰ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ।
ਸ਼ਿਕਾਇਤ ਪੱਤਰ ਸੌਂਪਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਰੰਧਾਵਾ ਨੇ ਇਹ ਵੀ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਵਿਰੋਧੀ ਧਿਰ ਦੇ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹਾਕਮ ਧਿਰ ਨੇ ਅਣਤੋਰ ਵਿਹਾਰ ਅਪਣਾਇਆ।
ਇਸ ਮਾਮਲੇ ਵਿੱਚ ਭਾਜਪਾ ਆਗੂ ਸਰਚਾਂਦ ਸਿੰਘ ਖਿਆਲਾ ਵੀ ਰੰਧਾਵਾ ਦੇ ਨਾਲ ਖੜ੍ਹੇ ਨਜ਼ਰ ਆਏ। ਉਨ੍ਹਾਂ ਡੀਜੀਪੀ ਨੂੰ ਭੇਜੇ ਇੱਕ ਪੱਤਰ ਵਿੱਚ ‘ਆਪ’ ਵਿਧਾਇਕ ਦੇ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਦਸਤਾਰ ਦੀ ਬੇਅਦਬੀ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਹ ਮਾਮਲਾ ਰਾਜਨੀਤਿਕ ਪੱਖੋਂ ਵੀ ਗਰਮਾਇਆ ਹੋਇਆ ਹੈ ਅਤੇ ਅਕਾਲ ਤਖ਼ਤ ਦੇ ਫ਼ੈਸਲੇ ਵਲ ਸਭ ਦੀਆਂ ਨਜ਼ਰਾਂ ਹਨ।


Share & like

Leave a Reply