Share & like

ਰੋਜ਼ਾਨਾ ਖ਼ਬਰ
ਗੁਰਦਾਸਪੁਰ, 15 ਦਸੰਬਰ
ਬੀਐਲਓ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਮੈਂਬਰਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਦੇ ਦਫ਼ਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਦੇ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਕਮ ਚੋਣ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪਿਆ ਗਿਆ।
ਯੂਨੀਅਨ ਆਗੂਆਂ ਨੇ ਕਿਹਾ ਕਿ ਬੀਐਲਓਜ਼ ਨੂੰ ਪਹਿਲਾਂ ਹੀ ਕਈ ਤਰ੍ਹਾਂ ਦੇ ਦਫ਼ਤਰੀ ਅਤੇ ਚੋਣ ਸੰਬੰਧੀ ਕੰਮ ਸੌਂਪੇ ਗਏ ਹਨ, ਇਸ ਦੇ ਬਾਵਜੂਦ ਉਨ੍ਹਾਂ ਦੀਆਂ ਡਿਊਟੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਲਗਾ ਕੇ ਉਨ੍ਹਾਂ ਨੂੰ ਤੰਗ ਅਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣ ਡਿਊਟੀਆਂ ਲਗਾਉਣ ਵਾਲੇ ਸਬੰਧਤ ਦਫ਼ਤਰੀ ਅਮਲੇ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਖੜੇ ਕੀਤੇ।
ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਨੇ ਮੰਗ ਕੀਤੀ ਕਿ ਬੀਐਲਓ ਡਿਊਟੀ ਉੱਤੇ ਤਾਇਨਾਤ ਅਮਲੇ ਨੂੰ ਚੋਣ ਡਿਊਟੀ ਸਮੇਤ ਹੋਰ ਹਰ ਤਰ੍ਹਾਂ ਦੀਆਂ ਡਿਊਟੀਆਂ ਤੋਂ ਫਾਰਗ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਹੋਰ ਡਿਊਟੀਆਂ ਲੈਣੀਆਂ ਹਨ ਤਾਂ ਪਹਿਲਾਂ ਉਨ੍ਹਾਂ ਨੂੰ ਬੀਐਲਓ ਡਿਊਟੀ ਤੋਂ ਰਾਹਤ ਦਿੱਤੀ ਜਾਵੇ।
ਇਸ ਮੌਕੇ ਯੂਨੀਅਨ ਨੇ ਚੋਣ ਡਿਊਟੀ ਤੋਂ ਗੈਰ-ਹਾਜ਼ਰੀ ਦੇ ਆਧਾਰ ’ਤੇ ਜਾਰੀ ਕੀਤੇ ਗਏ ਨੋਟਿਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਨਾਲ ਹੀ ਐਸਆਈਆਰ (SIR) ਦੇ ਕੰਮ ਲਈ ਬੀਐਲਓਜ਼ ਨੂੰ ਫਾਰਗ ਕਰਨ, ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਯੋਗ ਟ੍ਰੇਨਿੰਗ ਦੇਣ ਅਤੇ ਛੁੱਟੀ ਵਾਲੇ ਦਿਨ ਡਿਊਟੀ ਕਰਨ ਦੇ ਇਵੇਜ ਵਜੋਂ ਅਗਲੇ ਦਿਨ ਦੀ ਛੁੱਟੀ ਦੇਣ ਦੀ ਮੰਗ ਵੀ ਰੱਖੀ ਗਈ।

ਫੋਟੋ ਕੈਪਸ਼ਨ: ਬੀਐਲਓ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ।

ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


Share & like

Leave a Reply