Share & like

ਪੰਜਾਬ ਸਰਕਾਰ ਦੀ ਅਗਵਾਈ ਹੇਠ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਰੰਧਾਵਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 19 ਦਸੰਬਰ
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਹਰ ਵਿਭਾਗ ਵੱਲੋਂ ਜਾਰੀ ਵਿਕਾਸ ਕਾਰਜਾਂ ਅਤੇ ਲੋਕ-ਹਿੱਤ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਗਈ। ਚੇਅਰਮੈਨ ਜੋਬਨ ਰੰਧਾਵਾ ਨੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਵਿਭਾਗ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਲੋਕ-ਹਿੱਤ ਲਈ ਵੱਡੇ ਫ਼ੈਸਲੇ ਲਏ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਲੋਕਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਜੋੜਿਆ ਕਿ ਸੂਬਾ ਸਰਕਾਰ ਵੱਲੋਂ ਜਿੱਥੇ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਚੇਅਰਮੈਨ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਗੁਰਦਾਸਪੁਰ ਦੀ ਸਮੁੱਚੀ ਤਰੱਕੀ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਗਰਾਊਂਡ ਲੈਵਲ ਤੱਕ ਪਹੁੰਚਾਇਆ ਜਾਵੇ ਅਤੇ ਵਿਕਾਸ ਕਾਰਜ ਨਿਯਮਿਤ ਸਮੇਂ ਅੰਦਰ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣ।

ਮੀਟਿੰਗ ਵਿੱਚ ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਸ੍ਰੀਮਤੀ ਜਯੋਤਸਨਾ ਸਿੰਘ ਐੱਸ.ਡੀ.ਐੱਮ ਕਲਾਨੌਰ ਅਤੇ ਦੀਨਾਨਗਰ, ਆਰ.ਟੀ.ਓ ਨਵਜੋਤ ਸ਼ਰਮਾ, ਐੱਸ.ਈ ਬਲਦੇਵ ਸਿੰਘ ਬਾਜਵਾ, ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


Share & like

Leave a Reply