ਰੋਜ਼ਾਨਾ ਖ਼ਬਰ
ਚੰਡੀਗੜ੍ਹ, 19 ਦਸੰਬਰ
ਸੁਪਰੀਮ ਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਤਹਿਤ ਦਰਜ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਚਾਰ ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜਸਟਿਸ ਵਿਕਰਮ ਨਾਥ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਦਸੰਬਰ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਅਪੀਲ ’ਤੇ ਨੋਟਿਸ ਜਾਰੀ ਕੀਤਾ। ਹਾਈ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 540 ਕਰੋੜ ਰੁਪਏ ਤੋਂ ਵੱਧ ਦੀ ਅਣਅਨੁਪਾਤੀ ਆਮਦਨ ਦੇ ਦੋਸ਼ਾਂ ਸਬੰਧੀ ਕੇਸ ਦਰਜ ਹੈ। ਸੁਪਰੀਮ ਕੋਰਟ ਨੇ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 19 ਜਨਵਰੀ ਲਈ ਨਿਰਧਾਰਿਤ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕਰਨ ਤੋਂ ਬਾਅਦ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।











