Share & like

ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 25 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵਸਨੀਕਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ ਦਿੰਦਿਆਂ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਅਤੇ ਕਾਗਜ਼ ਰਹਿਤ ਇਲਾਜ ਦਾ ਹੱਕ ਮਿਲੇਗਾ।
ਸਿਹਤ ਵਿਭਾਗ ਦੀ ਮਹੱਤਵਪੂਰਨ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜਿੱਥੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹਾਇਤਾ ਦਿੱਤੀ ਜਾਵੇਗੀ।
ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ:
-ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ
-ਸਰਕਾਰੀ ਅਤੇ ਮਨਜ਼ੂਰਸ਼ੁਦਾ ਨਿੱਜੀ ਹਸਪਤਾਲ ਯੋਜਨਾ ਵਿੱਚ ਸ਼ਾਮਲ
-ਵੱਡੀਆਂ ਬਿਮਾਰੀਆਂ, ਸਰਜਰੀਆਂ, ਆਈ.ਸੀ.ਯੂ., ਗੰਭੀਰ ਦੇਖਭਾਲ, ਦਵਾਈਆਂ ਅਤੇ ਟੈਸਟ ਮੁਫ਼ਤ
ਹਸਪਤਾਲ ਵਿੱਚ ਦਾਖਲੇ ਤੋਂ ਪਹਿਲਾਂ ਅਤੇ ਬਾਅਦ ਦੇ ਖਰਚੇ ਵੀ ਕਵਰ
-ਕੋਈ ਆਮਦਨ ਸੀਮਾ ਨਹੀਂ, ਹਰ ਨਾਗਰਿਕ ਯੋਗ
ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਵੀ ਹੱਕਦਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਪਰਿਵਾਰ ਨੂੰ 5 ਲੱਖ ਰੁਪਏ ਤੱਕ ਇਲਾਜ ਦੀ ਸਹੂਲਤ ਸੀ, ਹੁਣ ਇਸਨੂੰ ਵਧਾ ਕੇ 10 ਲੱਖ ਰੁਪਏ ਕੀਤਾ ਗਿਆ ਹੈ। ਪੰਜਾਬ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ।
ਉਨ੍ਹਾਂ ਕਿਹਾ ਕਿ ਯੋਜਨਾ ਤਹਿਤ ਡਿਜੀਟਲ ਪ੍ਰਣਾਲੀ ਰਾਹੀਂ ਸ਼ਿਕਾਇਤ ਨਿਪਟਾਰਾ ਪ੍ਰਕਿਰਿਆ ਅਤੇ ਸਹਾਇਤਾ ਸੇਵਾਵਾਂ ਵੀ ਮਜ਼ਬੂਤ ਕੀਤੀਆਂ ਜਾਣਗੀਆਂ।
ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਲੋਕ ਇਲਾਜ ਕਰਵਾ ਸਕਣਗੇ। ਸਿਹਤ ਵਿਭਾਗ ਯੋਜਨਾ ਦੇ ਸੁਚਾਰੂ ਅਮਲ ਲਈ ਤਿਆਰੀਆਂ ਤੇਜ਼ੀ ਨਾਲ ਕਰ ਰਿਹਾ ਹੈ।

ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਸਿਹਤ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਰਚਿਆ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ ਅਤੇ ਲੋਕਾਂ ਦੀ ਜੇਬ ‘ਤੇ ਪੈਣ ਵਾਲੇ ਭਾਰੀ ਇਲਾਜ ਖਰਚਿਆਂ ਨੂੰ ਘਟਾਉਣ ਵੱਲ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।


Share & like

Leave a Reply