ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਦਸੰਬਰ
ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂਦੀ ਪ੍ਰਧਾਨਗੀ ਹੇਠ ਅੱਜ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਤਹਿਤ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਜਸਮੀਤ ਕੌਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ, ਸੀ.ਡੀ.ਪੀ.ਓ ਵਰਿੰਦਰ ਸਿੰਘ ਅਤੇ ਸਾਰੇ ਬਲਾਕਾਂ ਦੇ ਸੀ.ਡੀ.ਪੀ.ਓ ਹਾਜ਼ਰ ਸਨ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਔਰਤਾਂ ਲਈ ਸਿਹਤ, ਸਫਾਈ ਅਤੇ ਰੋਜ਼ਗਾਰ ਕੈਂਪ ਲਗਾਏ ਜਾਣਗੇ। ਇਹ ਕੈਂਪ ਨਾਰੀ ਸ਼ਕਤੀ ਕੇਂਦਰ ਸਾਹਮਣੇ ਦੀਪ ਹਸਪਤਾਲ, ਗੁਰਦਾਸਪੁਰ ਅਤੇ ਬਲਾਕ ਕਲਾਨੌਰ ਅਧੀਨ ਪਿੰਡ ਡੇਹਰੀਵਾਲ ਕਿਰਨ ਵਿੱਚ ਆਯੋਜਿਤ ਕੀਤੇ ਜਾਣਗੇ।
ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗ ਆਪਣੇ-ਆਪਣੇ ਸਟਾਲ ਅਤੇ ਬੈਨਰ ਲਗਾ ਕੇ ਔਰਤਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣਗੇ। ਸਿਹਤ ਵਿਭਾਗ ਵੱਲੋਂ ਖ਼ਾਸ ਤੌਰ ‘ਤੇ ਔਰਤਾਂ ਅਤੇ ਬੱਚਿਆਂ ਦੀ ਮੁਫ਼ਤ ਮੈਡੀਕਲ ਜਾਂਚ ਕੀਤੀ ਜਾਵੇਗੀ, ਜਦਕਿ ਰੋਜ਼ਗਾਰ ਵਿਭਾਗ ਵੱਲੋਂ ਰੋਜ਼ਗਾਰ ਕੈਂਪ ਲਗਾ ਕੇ ਉਨ੍ਹਾਂ ਨੂੰ ਨੌਕਰੀ ਦੇ ਮੌਕਿਆਂ ਬਾਰੇ ਜਾਣੂ ਕਰਵਾਇਆ ਜਾਵੇਗਾ।

ਅਧਿਕਾਰੀਆਂ ਨੇ ਕਿਹਾ ਕਿ ਇਹ ਯਤਨ ਨਾ ਸਿਰਫ਼ ਔਰਤਾਂ ਨੂੰ ਸਿਹਤ ਅਤੇ ਸਫਾਈ ਪ੍ਰਤੀ ਜਾਗਰੂਕ ਕਰਨਗੇ ਬਲਕਿ ਰੋਜ਼ਗਾਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਵਾਲੰਬਨ ਵੱਲ ਵੀ ਪ੍ਰੇਰਿਤ ਕਰਨਗੇ।










