Share & like

ਰੋਜ਼ਾਨਾ ਖ਼ਬਰ
ਰੂਪਨਗਰ, 4 ਜਨਵਰੀ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਨੰਗਲ ਵਿਖੇ ਹੋਏ ਇੱਕ ਸਮਾਗਮ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਹੀ ਚੋਣ ਲੜੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗਠਜੋੜ ਲਈ ਕੋਈ ਗੱਲਬਾਤ ਨਹੀਂ ਚੱਲ ਰਹੀ।
ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਹੇਠਲੇ ਪੱਧਰ ’ਤੇ ਆਪਣੀ ਸੰਗਠਨਕ ਤਾਕਤ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਅਤੇ ਪਹਿਲੀ ਵਾਰ ਪੰਜਾਬ ਵਿੱਚ ਆਪਣੇ ਦਮ ’ਤੇ ਸਰਕਾਰ ਬਣਾਉਣ ਦੀ ਸਥਿਤੀ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਬਦਲਾਅ ਚਾਹੁੰਦੇ ਹਨ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਨੇ ਮੌਜੂਦਾ ਸਰਕਾਰ ’ਤੇ ਵਿਰੋਧੀ ਧਿਰਾਂ ਅਤੇ ਪੱਤਰਕਾਰਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਕੇ ‘ਦਹਿਸ਼ਤ ਦਾ ਰਾਜ’ ਚਲਾਉਣ ਦੇ ਗੰਭੀਰ ਦੋਸ਼ ਲਗਾਏ।
ਤਰੁਣ ਚੁੱਘ ਨੇ ‘ਆਪ’ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ’ਤੇ ਕਰੀਬ 1 ਲੱਖ ਕਰੋੜ ਰੁਪਏ ਦਾ ਵਾਧੂ ਕਰਜ਼ਾ ਚੜ੍ਹਾਇਆ ਗਿਆ ਹੈ, ਜਿਸ ਨਾਲ ਸੂਬੇ ਦਾ ਕੁੱਲ ਕਰਜ਼ਾ ਲਗਭਗ 4 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਦੀ ਨਵੀਂ ਰੋਜ਼ਗਾਰ ਸਕੀਮ ‘ਜੀ ਰਾਮ ਜੀ’ (G RAM G) ਦਾ ਵਿਰੋਧ ਕਰਕੇ ਗੈਰ-ਜ਼ਰੂਰੀ ਮੁੱਦੇ ਖੜੇ ਕਰ ਰਹੀ ਹੈ।

ਚੁੱਘ ਅਨੁਸਾਰ, ਜਿੱਥੇ ਮਨਰੇਗਾ ਤਹਿਤ ਸਾਲ ਵਿੱਚ ਔਸਤਨ 28 ਦਿਨਾਂ ਦਾ ਕੰਮ ਮਿਲਦਾ ਸੀ, ਉੱਥੇ ਕੇਂਦਰ ਦੀ ਨਵੀਂ ਸਕੀਮ ਹੇਠ 125 ਦਿਨਾਂ ਦੇ ਰੋਜ਼ਗਾਰ ਦੀ ਗਾਰੰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹਨ।


Share & like

Leave a Reply