Share & like

ਰਾਸ਼ਟਰਪਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 6 ਜਨਵਰੀ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਅਤੇ ਚਿਰਾਂ ਤੋਂ ਲਟਕਦੀਆਂ ਹੱਕੀ ਮੰਗਾਂ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਗੁਰੂ ਨਾਨਕ ਪਾਰਕ ਵਿੱਚ ਇਕੱਤਰ ਹੋਏ, ਜਿਥੋਂ ਸਾਥੀ ਜਸਵਿੰਦਰ ਸਿੰਘ ਛਿੱਤ, ਰੂਪ ਲਾਲ, ਸੁਭਾਸ਼ ਕੇਲੈ, ਦਲਬੀਰ ਸਿੰਘ ਭੋਲਾ ਅਤੇ ਧੀਰ ਸਿੰਘ ਚਿਤੋੜਗੜ ਦੀ ਸਾਂਝੀ ਪ੍ਰਧਾਨਗੀ ਹੇਠ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਪਹੁੰਚੇ।

ਰੋਸ ਪ੍ਰਦਰਸ਼ਨ ਉਪਰੰਤ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਆਦਿਤਿਆ ਗੁਪਤਾ ਰਾਹੀਂ ਰਾਸ਼ਟਰਪਤੀ ਭਾਰਤ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਨਵਾਂ ਪਿੰਡ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਵਿਜੇ ਸੋਹਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਬਲਬੀਰ ਸਿੰਘ ਮੱਲ੍ਹੀ ਅਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਨਕ ਰਾਜ ਅਹਿਮਦਾਬਾਦ ਨੇ ਕਿਹਾ ਕਿ ਪੇਂਡੂ ਅਤੇ ਖੇਤ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਨਾ ਤਾਂ ਉਨ੍ਹਾਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕੋਈ ਮੰਗ ਪੂਰੀ ਕੀਤੀ ਗਈ ਹੈ।
ਆਗੂਆਂ ਨੇ ਮੰਗ ਕੀਤੀ ਕਿ ਵੀ-ਬੀ ‘ਜੀ ਰਾਮ ਜੀ’ ਕਾਨੂੰਨ ਰੱਦ ਕੀਤਾ ਜਾਵੇ, ਮਨਰੇਗਾ ਕਾਨੂੰਨ ਮੁੜ ਬਹਾਲ ਕਰਕੇ ਹਰ ਪਰਿਵਾਰ ਨੂੰ 700 ਰੁਪਏ ਦਿਹਾੜੀ ਨਾਲ ਸਾਲ ਭਰ ਕੰਮ ਦਿੱਤਾ ਜਾਵੇ ਅਤੇ ਸ਼ਹਿਰੀ ਮਜ਼ਦੂਰਾਂ ਨੂੰ ਵੀ ਰੁਜ਼ਗਾਰ ਗਰੰਟੀ ਦੇ ਦਾਇਰੇ ਵਿੱਚ ਲਿਆਂਦਾ ਜਾਵੇ। ਕੰਮ ਦੇ ਅਧਿਕਾਰ ਨੂੰ ਮੌਲਿਕ ਅਧਿਕਾਰਾਂ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਕੰਮ ਨਾ ਮਿਲਣ ਦੀ ਸੂਰਤ ਵਿੱਚ 5000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ।
ਹੜ੍ਹਾਂ ਅਤੇ ਬਾਰਸ਼ਾਂ ਨਾਲ ਹੋਈ ਤਬਾਹੀ ਲਈ ਮਜ਼ਦੂਰ ਪਰਿਵਾਰਾਂ ਨੂੰ ਯੋਗ ਮੁਆਵਜ਼ਾ, 10-10 ਮਰਲੇ ਦੇ ਰਿਹਾਇਸ਼ੀ ਪਲਾਟ, ਮਕਾਨ ਉਸਾਰੀ ਲਈ ਗਰਾਂਟ, ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਘੱਟੋ-ਘੱਟ 5000 ਰੁਪਏ ਮਹੀਨਾ ਕਰਨ, ਔਰਤਾਂ ਨੂੰ 1100 ਰੁਪਏ ਮਹੀਨਾ ਦੇਣ ਅਤੇ ਚੋਣ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਗਈ।
ਇਸ ਤੋਂ ਇਲਾਵਾ ਪੰਚਾਇਤੀ ਅਤੇ ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਮਜ਼ਦੂਰਾਂ ਨੂੰ ਦੇਣ, ਕਰਜ਼ਾ ਮੁਆਫ਼ੀ, ਬਿਜਲੀ ਸੋਧ ਬਿੱਲ 2025 ਰੱਦ ਕਰਨ, ਪ੍ਰੀਪੇਡ ਸਮਾਰਟ ਮੀਟਰ ਬੰਦ ਕਰਨ, ਕਿਰਤ ਕਾਨੂੰਨਾਂ ਦੀ ਰੱਖਿਆ ਅਤੇ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਗਈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਤੁਰੰਤ ਬਿਨਾਂ ਸ਼ਰਤ ਰਿਹਾਈ ਦੀ ਮੰਗ ਵੀ ਕੀਤੀ ਗਈ।

ਰੋਸ ਪ੍ਰਦਰਸ਼ਨ ਨੂੰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।


Share & like

Leave a Reply