ਰੋਜ਼ਾਨਾ ਖ਼ਬਰ
ਚੰਡੀਗੜ੍ਹ, 7 ਜਨਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਠੰਡ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਪ੍ਰਾਥਮਿਕਤਾ ਦਿੰਦਿਆਂ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ, ਜਦਕਿ 14 ਜਨਵਰੀ ਤੋਂ ਸਕੂਲ ਦੁਬਾਰਾ ਆਮ ਦਿਨਾਂ ਵਾਂਗ ਖੁਲਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਬੱਚਿਆਂ ਦੀ ਸਿਹਤ ਦਾ ਖ਼ਿਆਲ ਰੱਖਿਆ ਜਾਵੇ।











