ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 9 ਜਨਵਰੀ
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਇਤਿਹਾਸਕ ਅਤੇ ਲੋਕ ਹਿੱਤੈਸ਼ੀ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਧੀਨ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਸਹੂਲਤ ਦਿੱਤੀ ਜਾਵੇਗੀ। ਇਸ ਮਹੱਤਵਪੂਰਨ ਯੋਜਨਾ ਦੀ ਸ਼ੁਰੂਆਤ 15 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾਵੇਗੀ।
ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸ੍ਰੀ ਹਿਤੇਸ਼ ਮਹਾਜਨ ਨੇ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਇਹ ਯੋਜਨਾ ਗਰੀਬ ਅਤੇ ਮੱਧ ਵਰਗ ਲਈ ਵੱਡੀ ਰਾਹਤ ਸਾਬਤ ਹੋਵੇਗੀ।
ਉਨ੍ਹਾਂ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ੍ਰੀ ਰਮਨ ਬਹਿਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।











