ਪਰਸੂ ਰਾਮ ਚੌਂਕ ’ਚ ਕਿਰਤ ਕੋਡਾਂ ਦੀਆਂ ਕਾਪੀਆਂ ਸਾੜੀਆਂ, ਪਿੰਡ-ਪਿੰਡ ਮੁਹਿੰਮ ਚਲਾਉਣ ਦਾ ਐਲਾਨ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 10 ਜਨਵਰੀ
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ) ਵੱਲੋਂ ਰਾਜ ਪੱਧਰੀ ਲੇਬਰ ਕੋਡ ਵਿਰੋਧ ਮੁਹਿੰਮ ਦੇ ਤਹਿਤ ਅੱਜ ਪਰਸੂ ਰਾਮ ਚੌਂਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਨਵੇਂ ਕਿਰਤ ਕੋਡਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਖਾਮੀਆਂ ਦਰਸਾਉਂਦੇ ਪਰਚੇ ਵੰਡੇ ਗਏ।

ਰੈਲੀ ਤੋਂ ਬਾਅਦ ਇਫਟੂ ਆਗੂਆਂ ਵੱਲੋਂ ਨਵੇਂ ਕਿਰਤ ਕੋਡਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਦਰਜ ਕਰਵਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਇਸ ਸੰਘਰਸ਼ ਨੂੰ ਪਿੰਡ-ਪਿੰਡ ਤੱਕ ਲਿਜਾਣ ਦਾ ਅਹਿਦ ਲਿਆ।
ਇਫਟੂ ਦੇ ਆਗੂ ਕਾਮਰੇਡ ਰਮੇਸ਼ ਰਾਣਾ, ਜੋਗਿੰਦਰ ਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਕੇਂਦਰ ਸਰਕਾਰ ਵੱਲੋਂ 21 ਨਵੰਬਰ 2025 ਤੋਂ ਲਾਗੂ ਕੀਤੇ ਕਿਰਤ ਕੋਡਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਰਤ ਕੋਡ ਮਜ਼ਦੂਰਾਂ ਦੇ ਯੂਨੀਅਨ ਬਣਾਉਣ, ਹੜਤਾਲ ਕਰਨ ਦੇ ਅਧਿਕਾਰ ਅਤੇ ਰੁਜ਼ਗਾਰ ਦੀ ਸੁਰੱਖਿਆ ਨਾਲ ਜੁੜੀ ਕਾਨੂੰਨੀ ਜ਼ਿੰਮੇਵਾਰੀ ਨੂੰ ਕਮਜ਼ੋਰ ਕਰਦੇ ਹਨ।
ਆਗੂਆਂ ਨੇ ਦੱਸਿਆ ਕਿ ਇਹ ਕਾਨੂੰਨ ਸਕੀਮ ਵਰਕਰਾਂ, ਗਿਗ ਵਰਕਰਾਂ, ਕੱਚੇ ਕਾਮਿਆਂ ਅਤੇ ਆਉਟਸੋਰਸ ਕਰਮਚਾਰੀਆਂ ਦੇ ਹੱਕਾਂ ’ਤੇ ਨਕਾਰਾਤਮਕ ਪ੍ਰਭਾਵ ਪਾ ਰਹੇ ਹਨ। ਇਸਦੇ ਨਾਲ ਹੀ ਮਨਰੇਗਾ ਕਾਨੂੰਨ ਵਿੱਚ ਤਬਦੀਲੀਆਂ ਅਤੇ ਬਿਜਲੀ ਸੋਧ ਬਿੱਲ ਲਿਆਉਣ ਦੀ ਵੀ ਤਿੱਖੀ ਅਲੋਚਨਾ ਕੀਤੀ ਗਈ।
ਇਫਟੂ ਆਗੂਆਂ ਨੇ ਮਜ਼ਦੂਰ ਵਰਗ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਪੁਰਾਣੇ ਕਿਰਤ ਕਾਨੂੰਨਾਂ ਦੀ ਬਹਾਲੀ ਲਈ ਸੰਘਰਸ਼ ਕਰਨ।

ਇਸ ਮੌਕੇ ਵਿਜੇ ਕੁਮਾਰ, ਰਵੀ ਕੁਮਾਰ, ਮੇਲਾ ਰਾਮ, ਬਲਦੇਵ ਰਾਜ, ਤਰਸੇਮ ਲਾਲ, ਓਮ ਪ੍ਰਕਾਸ਼, ਸਤਪਾਲ, ਜਤਿੰਦਰ ਸਿੰਘ ਅਤੇ ਰਾਹੁਲ ਜੋਸ਼ੀ ਸਮੇਤ ਵੱਡੀ ਗਿਣਤੀ ਵਿੱਚ ਮਜ਼ਦੂਰ ਹਾਜ਼ਰ ਸਨ।










