ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਦੋਰਾਗਲਾ, 12 ਜਨਵਰੀ
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ 13 ਜਨਵਰੀ 2025 ਨੂੰ ਲੋਹੜੀ ਵਾਲੇ ਦਿਨ ਲੋਕ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਲਈ ਅੱਜ ਬਸ ਸਟੈਂਡ ਦੋਰਾਗਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡਾ ਜਾਗਰੂਕਤਾ ਇਕੱਠ ਕੀਤਾ ਗਿਆ। ਇਸ ਮੌਕੇ ਪ੍ਰਾਈਵੇਟ ਬੱਸ ਕਨੈਕਟਰਾਂ, ਡਰਾਈਵਰਾਂ, ਕਿਸਾਨਾਂ ਤੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਕੱਠ ਦੌਰਾਨ ਸਪੀਕਰਾਂ ਰਾਹੀਂ ਅਨਾਉਂਸਮੈਂਟ ਕਰਕੇ ਸਾੜੀਆਂ ਜਾਣ ਵਾਲੀਆਂ ਕਾਨੂੰਨਾਂ ਦੀਆਂ ਕਾਪੀਆਂ ਬੱਸਾਂ ਉੱਤੇ ਚਿਪਕਾ ਕੇ ਆਮ ਜਨਤਾ ਨੂੰ ਜਾਣਕਾਰੀ ਦਿੱਤੀ ਗਈ। ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਹੋਕਾ ਦਿੱਤਾ ਕਿ ਉਹ ਮੋਰਚੇ ਦੇ ਆਉਣ ਵਾਲੇ ਪ੍ਰੋਗਰਾਮਾਂ ਵਿੱਚ ਸ਼ਾਮਿਲ ਹੋਣ ਦੇ ਨਾਲ-ਨਾਲ 13 ਜਨਵਰੀ ਨੂੰ ਲੋਹੜੀ ਦੇ ਭੁਗਿਆਂ ਵਿੱਚ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਦਰਜ ਕਰਵਾਉਣ।
ਵਕਤਾਵਾਂ ਨੇ ਕਿਹਾ ਕਿ ਬਿਜਲੀ ਸੋਧ ਬਿਲ 2025 ਦਾ ਖਰੜਾ ਜੇ ਕਾਨੂੰਨ ਦਾ ਰੂਪ ਧਾਰ ਲੈਂਦਾ ਹੈ ਤਾਂ ਦੇਸ਼ ਦੇ ਕਰੋੜਾਂ ਗਰੀਬ ਖਪਤਕਾਰਾਂ ਲਈ ਬਿਜਲੀ ਦੀ ਸੁਵਿਧਾ ਮਹਿੰਗੀ ਹੋ ਜਾਵੇਗੀ ਅਤੇ ਇਸ ਖੇਤਰ ’ਤੇ ਕਾਰਪੋਰੇਟ ਕਬਜ਼ਾ ਹੋ ਜਾਵੇਗਾ, ਜਿਸ ਨਾਲ ਬਿਜਲੀ ਬਿੱਲ ਭਰਨਾ ਅਸੰਭਵ ਹੋ ਸਕੇਗਾ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਮਨਰੇਗਾ ਦੇ ਬਜਟ ਵਿੱਚ 40 ਫੀਸਦੀ ਕਟੌਤੀ ਕਰਕੇ ਅਤੇ ਮਜ਼ਦੂਰ ਵਿਰੋਧੀ ਸ਼ਰਤਾਂ ਲਾਗੂ ਕਰਕੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ, ਜਦਕਿ ਪਹਿਲਾਂ ਹੀ ਪੰਜਾਬ ਤੇ ਦੇਸ਼ ਵਿੱਚ ਬੇਰੁਜ਼ਗਾਰੀ ਉੱਚੀ ਦਰ ’ਤੇ ਹੈ।
ਆਗੂਆਂ ਨੇ ਬੀਜ ਬਿਲ 25 ਰਾਹੀਂ ਬੀਜ ਮਾਰਕੀਟ ਅਤੇ ਖੇਤੀ ਖੋਜ ਖੇਤਰ ਵਿੱਚ ਕਾਰਪੋਰੇਟ ਕਬਜ਼ੇ ਦੀ ਸਾਜ਼ਿਸ਼ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਕਰ ਮੁਕਤ ਸਮਝੌਤੇ ਲਾਗੂ ਹੋਣ ਨਾਲ ਦੇਸ਼ ਦਾ ਖੇਤੀ ਸੈਕਟਰ ਤਬਾਹੀ ਵੱਲ ਧੱਕਿਆ ਜਾਵੇਗਾ। ਇਸ ਦੇ ਨਾਲ ਹੀ ਆਨਲਾਈਨ ਵਪਾਰ ਅਤੇ ਵੱਡੇ ਸ਼ਾਪਿੰਗ ਮਾਲਾਂ ਦੀ ਨੀਤੀ ਕਾਰਨ ਛੋਟੇ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ ਅਤੇ ਛੋਟੇ ਕਾਰੋਬਾਰੀਆਂ ਦਾ ਰੁਜ਼ਗਾਰ ਵੀ ਖਤਰੇ ਵਿੱਚ ਪੈ ਰਿਹਾ ਹੈ।
ਭਵਿੱਖੀ ਸੰਘਰਸ਼ੀ ਕਾਰਜਕ੍ਰਮਾਂ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 18 ਜਨਵਰੀ ਨੂੰ ਮਜੀਠਾ ਵਿਖੇ ਮੁੱਖ ਮੰਤਰੀ ਪੰਜਾਬ ਦੇ ਵਿਰੁੱਧ ਸ਼ਾਂਤਮਈ ਵਿਰੋਧ ਕੀਤਾ ਜਾਵੇਗਾ, 21 ਤੇ 22 ਜਨਵਰੀ ਨੂੰ ਸਮਾਰਟ ਮੀਟਰ ਉਤਾਰ ਕੇ ਨੇੜਲੇ ਬਿਜਲੀ ਦਫਤਰਾਂ ਵਿੱਚ ਜਮ੍ਹਾਂ ਕਰਵਾਏ ਜਾਣਗੇ ਅਤੇ 5 ਫਰਵਰੀ ਨੂੰ ਮੰਤਰੀਆਂ ਦੇ ਘਰਾਂ ਅੱਗੇ ਇੱਕ ਰੋਜ਼ਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਨੇ ਆਮ ਜਨਤਾ ਨੂੰ ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਇਸ ਮੌਕੇ ਜੋਨ ਤੇਜਾ ਸਿੰਘ ਸੁਤੰਤਰ ਦੇ ਪ੍ਰਧਾਨ ਨਿਰਮਲ ਸਿੰਘ ਆਦੀ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਕਰਨੈਲ ਸਿੰਘ ਮੱਲ੍ਹੀ, ਹਰਮੀਤ ਸਿੰਘ ਆਦੀ, ਸਤਨਾਮ ਸਿੰਘ ਖਜਾਨਚੀ, ਸੁਖਵਿੰਦਰ ਸਿੰਘ ਮੀਤ ਪ੍ਰਧਾਨ ਸਮੇਤ ਹੋਰ ਆਗੂ ਹਾਜ਼ਰ ਸਨ।










