ਜਤਿੰਦਰ ਬੈਂਸ / ਰੋਜ਼ਾਨਾ ਖ਼ਬਰ
ਗੁਰਦਾਸਪੁਰ, 12 ਜਨਵਰੀ
ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 16 ਜਨਵਰੀ ਨੂੰ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਲਗਾਏ ਜਾ ਰਹੇ ਧਰਨੇ ਨੂੰ ਕਾਮਯਾਬ ਬਣਾਉਣ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪਿੰਡ ਪੱਧਰ ’ਤੇ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਸਮੇਤ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡ ਭੋਲਾ ਅਤੇ ਮੱਲੀਆਂ ਵਿੱਚ ਸਾਂਝੀ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾਈ ਆਗੂ ਕਾਮਰੇਡ ਰਮੇਸ਼ ਰਾਣਾ ਅਤੇ ਜੋਗਿੰਦਰ ਪਾਲ ਪਨਿਆੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਬਿਜਲੀ ਸੋਧ ਬਿੱਲ 2025 ਬਿਜਲੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਦਾ ਕਾਰਨ ਬਣੇਗਾ ਅਤੇ ਵੰਡ ਪ੍ਰਣਾਲੀ ਵਿੱਚ ਨਿੱਜੀ ਕੰਪਨੀਆਂ ਦੀ ਦਾਖ਼ਲਅੰਦਾਜ਼ੀ ਨਾਲ ਪੱਕੇ ਰੁਜ਼ਗਾਰ ਦਾ ਉਜਾੜਾ ਹੋਵੇਗਾ।
ਉਹਨਾਂ ਕਿਹਾ ਕਿ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਜਥੇਬੰਦ ਹੋਣ ਅਤੇ ਸੰਘਰਸ਼ ਕਰਨ ਦੇ ਹੱਕਾਂ ’ਤੇ ਪਾਬੰਦੀਆਂ ਲਗਾਉਂਦੇ ਹਨ। ਇਨ੍ਹਾਂ ਕਾਨੂੰਨਾਂ ਨਾਲ 8 ਘੰਟਿਆਂ ਦੀ ਥਾਂ 12 ਘੰਟੇ ਕੰਮ ਦਿਹਾੜੀ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਗੈਰ-ਮਨੁੱਖੀ ਅਤੇ ਕਾਰਪੋਰੇਟ ਪੱਖੀ ਹੈ।
ਆਗੂਆਂ ਨੇ ਦੱਸਿਆ ਕਿ ਮਨਰੇਗਾ ਕਾਨੂੰਨ ਸਿਰਫ਼ ਨਾਂ ਬਦਲਣ ਤੱਕ ਸੀਮਿਤ ਨਹੀਂ, ਸਗੋਂ ਕੇਂਦਰ ਸਰਕਾਰ ਵੱਲੋਂ ਇਸਨੂੰ ਪੱਕੇ ਤੌਰ ’ਤੇ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨ ਵਿਰੋਧੀ ਬੀਜ ਬਿੱਲ 2025 ਵੀ ਕਾਰਪੋਰੇਟ ਘਰਾਨਿਆਂ ਦੇ ਹੱਕ ਵਿੱਚ ਹੈ।
ਇਨ੍ਹਾਂ ਨਿੱਜੀਕਰਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਨ ਲਈ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ 16 ਜਨਵਰੀ ਨੂੰ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਹੋ ਰਹੇ ਸਾਂਝੇ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ।
ਮੀਟਿੰਗ ਦੇ ਅੰਤ ਵਿੱਚ ਨਵੇਂ ਕਿਰਤ ਕੋਡਾਂ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ, ਮੁਖਤਿਆਰ ਸਿੰਘ, ਸਾਗ਼ਰ ਸਿੰਘ, ਵੱਸਣ ਸਿੰਘ, ਫ਼ਕੀਰ ਚੰਦ, ਜਰਨੈਲ ਸਿੰਘ, ਅਜੀਤ ਸਿੰਘ ਅਤੇ ਗੁਰਮੁਖ ਸਿੰਘ ਹਾਜ਼ਰ ਸਨ।

ਕੈਪਸ਼ਨ: ਪਿੰਡ ਭੋਲਾ ਅਤੇ ਮੱਲੀਆਂ ਵਿੱਚ ਕਿਸਾਨ ਤੇ ਮਜ਼ਦੂਰ ਆਗੂ ਕਿਰਤ ਕੋਡਾਂ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜਦੇ ਹੋਏ।










