Share & like

ਕੜਾਕੇ ਦੀ ਠੰਢ ਕਾਰਨ ਸਿੱਖਿਆ ਵਿਭਾਗ ਦਾ ਫੈਸਲਾ, 21 ਜਨਵਰੀ ਤੱਕ ਲਾਗੂ ਰਹੇਗਾ ਨਵਾਂ ਸਮਾਂ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 15 ਜਨਵਰੀ
ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਠੰਢ ਕਾਰਨ ਬੱਚਿਆਂ ਨੂੰ ਹੋ ਰਹੀ ਦਿੱਕਤ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਪੰਜਾਬ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3.20 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਨਵਾਂ ਸਮਾਂ 21 ਜਨਵਰੀ ਤੱਕ ਲਾਗੂ ਰਹੇਗਾ।
ਦੂਜੇ ਪਾਸੇ, ਜੇਕਰ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਧੁੰਦ ਛਾਈ ਰਹੀ ਅਤੇ ਸੀਤ ਲਹਿਰ ਕਾਰਨ ਠੰਢ ਦਾ ਅਸਰ ਕਾਫ਼ੀ ਤੇਜ਼ ਮਹਿਸੂਸ ਕੀਤਾ ਗਿਆ। ਮੌਸਮ ਵਿਭਾਗ ਮੁਤਾਬਿਕ 17 ਜਨਵਰੀ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ 18 ਤੋਂ 20 ਜਨਵਰੀ ਦਰਮਿਆਨ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਹੌਲੀ-ਹੌਲੀ 3 ਤੋਂ 5 ਡਿਗਰੀ ਤੱਕ ਵਾਧਾ ਹੋਵੇਗਾ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। ਇਸ ਸਮੇਂ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਤੋਂ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਠੰਢ ਵਧੀ ਹੋਈ ਹੈ, ਹਾਲਾਂਕਿ 16 ਜਨਵਰੀ ਤੋਂ ਹਵਾਵਾਂ ਦੀ ਦਿਸ਼ਾ ਬਦਲਣ ਦੀ ਸੰਭਾਵਨਾ ਜਤਾਈ ਗਈ ਹੈ।


Share & like

Leave a Reply