Share & like

ਰੋਜ਼ਾਨਾ ਨਿਊਜ਼ ਡੈਸਕ
ਚੰਡੀਗੜ੍ਹ, 16 ਜਨਵਰੀ
ਪੰਜਾਬ ਦੀ ਸਿਆਸਤ ਵਿੱਚ ਅਹਿਮ ਮੋੜ ਆਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਪ੍ਰੋ. ਓਂਕਾਰ ਸਿੰਘ ਸਮੇਤ ਚਾਰ ਪ੍ਰਮੁੱਖ ਆਗੂ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਰਹੇ।
ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਅਕਾਲੀ ਦਲ ਪੁਨਰ ਸੁਰਜੀਤੀ ਤੋਂ ਅਸਤੀਫਾ ਦੇ ਚੁੱਕੇ ਚਰਨਜੀਤ ਸਿੰਘ ਬਰਾੜ, ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਰਿਪਜੀਤ ਸਿੰਘ ਬਰਾੜ ਵੀ ਸ਼ਾਮਲ ਹਨ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਦੀ ਭਲਾਈ ਲਈ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅੱਜ ਪੰਜਾਬ ਵਿੱਚ ਉਦਯੋਗਪਤੀਆਂ ਤੋਂ ਲੈ ਕੇ ਆਮ ਲੋਕਾਂ ਤੱਕ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪੰਜਾਬ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਅੱਜ ਬਿਨਾਂ ਸਰਕਾਰ ਦੇ ਚੱਲ ਰਿਹਾ ਹੈ ਅਤੇ ਲੋਕ ਭਾਜਪਾ ਨੂੰ ਇੱਕੋ-ਇੱਕ ਉਮੀਦ ਵਜੋਂ ਦੇਖ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲੈ ਕੇ ਭਾਜਪਾ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘੇਰਾਓ ਕੀਤਾ ਜਾਵੇਗਾ।
ਦੂਜੇ ਪਾਸੇ, ਕਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੇਹੱਦ ਭਰੋਸੇਮੰਦ ਮੰਨੇ ਜਾਂਦੇ ਪ੍ਰੋ. ਓਂਕਾਰ ਸਿੰਘ ਦਾ ਭਾਜਪਾ ਵਿੱਚ ਸ਼ਾਮਲ ਹੋਣਾ ‘ਆਪ’ ਲਈ ਵੱਡੀ ਸਿਆਸੀ ਚੁਣੌਤੀ ਵਜੋਂ ਦੇਖਿਆ ਜਾ ਰਿਹਾ ਹੈ। ਲੰਬੀ ਹਲਕੇ ਦੇ ਪਿੰਡ ਰੋੜਾਂਵਾਲੀ ਨਾਲ ਸਬੰਧਤ ਪ੍ਰੋ. ਓਂਕਾਰ ਸਿੰਘ ਦੋ ਸਾਲ ਤੱਕ ਮੁੱਖ ਮੰਤਰੀ ਦੇ ਓਐਸਡੀ ਰਹੇ ਅਤੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਕਾਫ਼ੀ ਸਰਗਰਮ ਰਹੇ ਹਨ।
ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਉਨ੍ਹਾਂ ਨੂੰ ਧੂਰੀ ਜਾਂ ਲੰਬੀ ਹਲਕੇ ਤੋਂ ਉਮੀਦਵਾਰ ਬਣਾ ਸਕਦੀ ਹੈ। ਵਰਤਮਾਨ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸਿਵਲ ਇੰਜੀਨੀਅਰਿੰਗ ਦੇ ਪ੍ਰੋਫੈਸਰ ਪ੍ਰੋ. ਓਂਕਾਰ ਸਿੰਘ ਆਪਣੇ ਨਿਮਰ ਸੁਭਾਅ ਲਈ ਜਾਣੇ ਜਾਂਦੇ ਹਨ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ‘ਆਪ’ ਦੀਆਂ ਅੰਦਰੂਨੀ ਰਣਨੀਤੀਆਂ ਭਾਜਪਾ ਤੱਕ ਪਹੁੰਚਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਪ੍ਰੋ. ਓਂਕਾਰ ਸਿੰਘ ਦਾ ਪਿਛੋਕੜ ਲੰਬੀ ਹਲਕੇ ਦੀ ਰਿਵਾਇਤੀ ਸਿਆਸਤ ਨਾਲ ਵੀ ਜੁੜਿਆ ਰਿਹਾ ਹੈ। ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਅਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਟੀਮ ਨਾਲ ਵੀ ਸਬੰਧਤ ਰਹੇ ਹਨ।


Share & like

Leave a Reply