ਰੋਜ਼ਾਨਾ ਖ਼ਬਰ
ਮੁਕਤਸਰ, 27 ਜਨਵਰੀ
ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਪਿਆਂ ਨੂੰ ਮੁਕਤਸਰ ਜ਼ਿਲ੍ਹਾ ਪੁਲੀਸ ਵੱਲੋਂ ਜਬਰਨ ਵਸੂਲੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀਆਂ ਸੋਮਵਾਰ ਨੂੰ ਉਸ ਵੇਲੇ ਹੋਈਆਂ ਜਦੋਂ ਸੂਬਾ ਪੁਲੀਸ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਖ਼ਿਲਾਫ਼ ਚਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰ ਰਹੀ ਸੀ।
ਸਦਰ ਮੁਕਤਸਰ ਪੁਲੀਸ ਸਟੇਸ਼ਨ ਦੇ ਐੱਸਐੱਚਓ ਸਬ-ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਸਾਲ 2024 ਵਿੱਚ ਦਰਜ ਹੋਏ ਜਬਰਨ ਵਸੂਲੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਤੋਂ ਉਦੇਕਰਨ ਪਿੰਡ ਦੇ ਇੱਕ ਵਸਨੀਕ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ।
ਪੁਲੀਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮਾਪੇ ਕੋਟਕਪੂਰਾ ਰੋਡ ਸਥਿਤ ਆਦੇਸ਼ ਨਗਰ ਦੇ ਰਹਿਣ ਵਾਲੇ ਹਨ, ਜਦਕਿ ਇਹ ਪਰਿਵਾਰ ਅਸਲ ਵਿੱਚ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ। ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਪੁਲੀਸ ਵਿੱਚ ਸਹਾਇਕ ਸਬ-ਇੰਸਪੈਕਟਰ (ਏਐਸਆਈ) ਰਹਿ ਚੁੱਕੇ ਹਨ, ਜਿਨ੍ਹਾਂ ਨੂੰ 2021 ਵਿੱਚ ਇੱਕ ਕਤਲ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਸੇਵਾਮੁਕਤ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਇੱਕ ਇਸ਼ਤਿਹਾਰੀ ਭਗੌੜਾ ਹੈ ਅਤੇ 2022 ਵਿੱਚ ਮਾਨਸਾ ਜ਼ਿਲ੍ਹੇ ਵਿੱਚ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਵੱਲੋਂ 2024 ਵਿੱਚ ਜਾਰੀ ਨੋਟਿਸ ਅਨੁਸਾਰ ਗੋਲਡੀ ਦੇ ਕੈਨੇਡਾ ਜਾਂ ਸੰਯੁਕਤ ਰਾਜ ਅਮਰੀਕਾ ਵਿੱਚ ਹੋਣ ਦਾ ਸ਼ੱਕ ਹੈ। ਉਹ 2017 ਵਿੱਚ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਿਆ ਸੀ।

ਪੁਲੀਸ ਰਿਕਾਰਡ ਮੁਤਾਬਕ ਗੋਲਡੀ ਬਰਾੜ ਪਹਿਲਾਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਸੀ, ਹਾਲਾਂਕਿ ਖ਼ਬਰਾਂ ਅਨੁਸਾਰ ਪਿਛਲੇ ਸਾਲ ਉਸ ਨੇ ਇਸ ਗੈਂਗ ਤੋਂ ਦੂਰੀ ਬਣਾ ਲਈ ਸੀ। ਸਾਲ 2024 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੋਲਡੀ ਬਰਾੜ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ “ਵਿਅਕਤੀਗਤ ਅਤਿਵਾਦੀ” ਘੋਸ਼ਿਤ ਕੀਤਾ ਗਿਆ ਸੀ।










