ਰੋਜ਼ਾਨਾ ਖ਼ਬਰ
ਚੰਡੀਗੜ੍ਹ, 29 ਜਨਵਰੀ
ਪੰਜਾਬ ਸਰਕਾਰ ਨੇ ਸੂਬੇ ਭਰ ਦੇ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਸੰਗਰਾਮੀਆਂ ਅਤੇ ਸ਼ਹੀਦਾਂ ਦੀ ਯਾਦ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਦਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ, ਕੁਰਬਾਨੀ ਅਤੇ ਨਾਗਰਿਕ ਮੁੱਲਾਂ ਨਾਲ ਜੋੜਨਾ ਹੈ।
ਇਸ ਤਹਿਤ ਸਰਕਾਰੀ ਹਾਈ ਸਕੂਲ ਸੰਧੂ ਕਲਾਂ (ਬਰਨਾਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ (ਫਰੀਦਕੋਟ) ਦਾ ਨਾਮ ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਫਤਿਹਪੁਰ (ਮਾਨਸਾ) ਦਾ ਨਾਮ ਸੁਤੰਤਰਤਾ ਸੰਗਰਾਮੀ ਮੱਘਰ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਦਾ ਨਾਮ ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭੀਖੀ ਦਾ ਨਾਮ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ ਦਾ ਨਾਮ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਮ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਹਮੀਰਗੜ੍ਹ (ਸੰਗਰੂਰ) ਨੂੰ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ, ਸਰਕਾਰੀ ਮਿਡਲ ਸਕੂਲ ਦੁਲੱਦੀ (ਪਟਿਆਲਾ) ਨੂੰ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ, ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਨੂੰ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ (ਬਰਨਾਲਾ) ਨੂੰ ਸੁਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਾਮ ਦਿੱਤਾ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮੀਆਂ ਦੀ ਵਿਰਾਸਤ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਦਾ ਅਟੂਟ ਹਿੱਸਾ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਸਕੂਲ ਪ੍ਰਬੰਧਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਬਾਰੇ ਜਾਣਕਾਰੀ, ਤਸਵੀਰਾਂ ਅਤੇ ਪ੍ਰਦਰਸ਼ਨਾਂ ਰਾਹੀਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਉਨ੍ਹਾਂ ਵਿੱਚ ਦੇਸ਼ ਪ੍ਰਤੀ ਜ਼ਿੰਮੇਵਾਰੀ ਅਤੇ ਸਹੀ ਮੁੱਲ ਵਿਕਸਿਤ ਹੋ ਸੱਕਣ।











