ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 30 ਜਨਵਰੀ
ਅੱਜ 30 ਜਨਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਬਾਬਾ ਮਸਤੂ ਜੀ ਦੀਆਂ ਸਾਰੀਆਂ ਇਕਾਈਆਂ ਦੀ ਸਾਂਝੀ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਅਤੇ ਸੂਬਾ ਕਮੇਟੀ ਵੱਲੋਂ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜੋਨ ਪ੍ਰਧਾਨ ਅਨੋਖ ਸਿੰਘ ਸੁਲਤਾਨੀ ਨੇ ਕਿਹਾ ਕਿ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਆਮ ਲੋਕਾਂ ਦੇ ਹਿਤਾਂ ਨੂੰ ਨਜ਼ਰਅੰਦਾਜ਼ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਬਜਟ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਤਿਆਰ ਕੀਤਾ ਗਿਆ ਹੈ, ਜਦਕਿ ਮਜ਼ਦੂਰਾਂ ਅਤੇ ਕਿਸਾਨਾਂ ਲਈ ਇਸ ਵਿੱਚ ਕੁਝ ਵੀ ਨਹੀਂ।
ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀਆਂ ਲੋਕ-ਹਿਤੈਸ਼ੀ ਸਕੀਮਾਂ ਨੂੰ ਕਮਜ਼ੋਰ ਕਰਕੇ ਵੀ.ਬੀ.ਜੀ.ਆਰ.ਏ.ਐਮ.ਜੀ. ਲਿਆਉਣਾ, ਲੇਬਰ ਕੋਰਟਾਂ ਨੂੰ ਖ਼ਤਮ ਕਰਕੇ ਚਾਰ ਲੇਬਰ ਕੋਡ ਲਾਗੂ ਕਰਨਾ, ਬੀਜ ਐਕਟ 2025, ਬਿਜਲੀ ਸੋਧ ਬਿਲ 2025 ਅਤੇ ਕਰ ਮੁਕਤ ਸਮਝੌਤੇ ਕਰਨਾ ਗਰੀਬਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਹੈ।
ਅਨੋਖ ਸਿੰਘ ਸੁਲਤਾਨੀ ਨੇ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੇ.ਐਮ.ਐਮ. ਮੋਰਚੇ ਨਾਲ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦੇ ਕੇ ਟਾਲਮਟੋਲ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਵਿਧਾਇਕ ਅਤੇ ਹਲਕਾ ਇੰਚਾਰਜ ਆਮ ਲੋਕਾਂ ’ਤੇ ਨਜਾਇਜ਼ ਪਰਚੇ ਦਰਜ ਕਰਵਾਉਣ ਵਿੱਚ ਰੁੱਝੇ ਹੋਏ ਹਨ।
ਇਸ ਦੇ ਵਿਰੋਧ ਵਜੋਂ 5 ਫਰਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦਾ ਜਥੇਬੰਦੀ ਤੌਰ ’ਤੇ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।

ਮੀਟਿੰਗ ਵਿੱਚ ਜਤਿੰਦਰ ਸਿੰਘ, ਕੁਲਜੀਤ ਸਿੰਘ, ਸੋਹਣ ਸਿੰਘ, ਉਂਕਾਰ ਸਿੰਘ, ਗੁਰਮੇਲ ਸਿੰਘ, ਜਸਦੇਵ ਸਿੰਘ, ਅਮਰੀਕ ਸਿੰਘ, ਦਲਬੀਰ ਸਿੰਘ, ਬਖ਼ਸ਼ੀਸ਼ ਸਿੰਘ, ਵੱਸਣ ਸਿੰਘ, ਬੀਬੀ ਰਮਨਜੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਕੁਲਵੰਤ ਕੌਰ, ਰਜਵੰਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ।










