11 ਦਿਨਾਂ ਵਿੱਚ 12,275 ਛਾਪੇ, 3,721 ਗ੍ਰਿਫ਼ਤਾਰ; ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਗੁਪਤ ਸੂਚਨਾ ਦੇਣ ਦੀ ਅਪੀਲ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਬਟਾਲਾ, 30 ਜਨਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ “ਗੈਂਗਸਟਰਾਂ ‘ਤੇ ਵਾਰ” ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਬਟਾਲਾ ਵਿੱਚ ਇਕ ਅਹੰਕਾਰਪੂਰਕ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦਾ ਕੇਂਦਰ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਅਤੇ ਸੁੰਗਠਿਤ ਅਪਰਾਧ ਖ਼ਿਲਾਫ਼ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕਰਨਾ ਸੀ।

ਇਸ ਮੀਟਿੰਗ ਵਿੱਚ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਸਮੇਤ ਅੰਮ੍ਰਿਤਸਰ ਰੂਰਲ, ਬਟਾਲਾ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਦੇ ਐੱਸਐੱਸਪੀ ਹਾਜ਼ਰ ਰਹੇ।
ਮੀਟਿੰਗ ਦੌਰਾਨ ਸਰਹੱਦੀ ਅਤੇ ਫਿਰੋਜ਼ਪੁਰ ਰੇਂਜ ਵਿੱਚ ਕਾਨੂੰਨ-ਵਿਵਸਥਾ, ਅਪਰਾਧਕ ਰੁਝਾਨਾਂ ਅਤੇ ਕਾਊਂਟਰ ਇੰਟੈਲੀਜੈਂਸ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਸਾਂਝੀ ਕਾਰਵਾਈ ਯੋਜਨਾਵਾਂ, ਓਪਰੇਸ਼ਨਲ ਤਿਆਰੀਆਂ ਅਤੇ ਲੋਕ ਸੰਪਰਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 20 ਜਨਵਰੀ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪਿਛਲੇ ਦੋ ਦਿਨਾਂ ਵਿੱਚ ਹੀ 100 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ 11 ਦਿਨਾਂ ਦੌਰਾਨ ਸੂਬੇ ਭਰ ਵਿੱਚ 12,275 ਛਾਪੇ ਮਾਰੇ ਗਏ, 8,671 ਵਿਅਕਤੀਆਂ ਨੂੰ ਪੁੱਛਗਿੱਛ ਲਈ ਕਾਬੂ ਕੀਤਾ ਗਿਆ, ਜਿਨ੍ਹਾਂ ‘ਚੋਂ 3,721 ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 1,796 ਲੋਕਾਂ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਅਤੇ 3,154 ਨੂੰ ਪੁੱਛਗਿੱਛ ਉਪਰੰਤ ਰਿਹਾਅ ਕੀਤਾ ਗਿਆ।
ਡੀਜੀਪੀ ਨੇ ਸਖ਼ਤ ਲਹਜੇ ਵਿੱਚ ਕਿਹਾ ਕਿ ਕੋਈ ਵੀ ਗੈਂਗਸਟਰ ਜਾਂ ਨਸ਼ਾ ਤਸਕਰ ਬਖ਼ਸ਼ਿਆ ਨਹੀਂ ਜਾਵੇਗਾ। ਵਿਦੇਸ਼ਾਂ ਵਿੱਚ ਬੈਠ ਕੇ ਅਪਰਾਧ ਕਰਵਾ ਰਹੇ ਗੈਂਗਸਟਰਾਂ ਨੂੰ ਵੀ ਕਾਨੂੰਨ ਦੇ ਕਟਹਰੇ ਵਿੱਚ ਲਿਆਂਦਾ ਜਾਵੇਗਾ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅਪਰਾਧ ਅਤੇ ਗੈਰ-ਸਮਾਜਿਕ ਤੱਤਾਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਸਕਾਰਾਤਮਕ ਦਿਸ਼ਾ ਵੱਲ ਲਗਾਉਣ। ਨਾਲ ਹੀ ਲੋਕਾਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਗੁਪਤ ਤੌਰ ‘ਤੇ ਸੂਚਨਾ ਦੇਣ ਦੀ ਅਪੀਲ ਕੀਤੀ, ਇਹ ਯਕੀਨ ਦਿਵਾਉਂਦੇ ਹੋਏ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰਹੇਗੀ।

ਬਾਅਦ ਵਿੱਚ ਡੀਜੀਪੀ ਗੌਰਵ ਯਾਦਵ ਨੇ ਬਟਾਲਾ ਪੁਲੀਸ ਜ਼ਿਲ੍ਹੇ ਦੇ ਸਾਰੇ ਐੱਸਐੱਚਓਜ਼ ਅਤੇ ਗੈਜ਼ਟਿਡ ਅਫ਼ਸਰਾਂ ਨਾਲ ਵਿਸਥਾਰਪੂਰਕ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਜ਼ਮੀਨੀ ਪੱਧਰ ‘ਤੇ ਪੁਲੀਸ ਦੀ ਭੂਮਿਕਾ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।










