Share & like

ਮਿਡ-ਡੇਅ ਮੀਲ ਦੀ ਗੁਣਵੱਤਾ, ਰਸੋਈਆਂ ਦੀ ਸਫਾਈ ਅਤੇ ਡਿੱਪੂ ਪ੍ਰਬੰਧਾਂ ਬਾਰੇ ਲਈ ਵਿਸਥਾਰਪੂਰਵਕ ਜਾਣਕਾਰੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 12 ਫਰਵਰੀ
ਬਾਲ ਮੁਕੰਦ ਸ਼ਰਮਾ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਅੱਜ ਗੁਰਦਾਸਪੁਰ ਦੌਰੇ ’ਤੇ ਪਹੁੰਚੇ ਅਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਹਾਜ਼ਰ ਸਨ।
ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਮਿਡ-ਡੇਅ ਮੀਲ ਦੀ ਗੁਣਵੱਤਾ, ਸਕੂਲਾਂ ਦੀਆਂ ਰਸੋਈਆਂ ਵਿੱਚ ਸਫਾਈ ਪ੍ਰਬੰਧ, ਖਾਣ-ਪੀਣ ਦੀਆਂ ਵਸਤੂਆਂ ਦੀ ਸੁਰੱਖਿਅਤ ਸਟੋਰੇਜ ਅਤੇ ਸਮੁੱਚੇ ਸਫਾਈ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਰਾਸ਼ਨ ਡਿੱਪੂਆਂ ਦੀ ਕਾਰਗੁਜ਼ਾਰੀ ਬਾਰੇ ਵੀ ਸਮੀਖਿਆ ਕੀਤੀ ਗਈ।
ਉਨ੍ਹਾਂ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਢੁਕਵੀਂ ਜ਼ਮੀਨ ਉਪਲਬਧ ਹੋਵੇ, ਉੱਥੇ ਸਕੂਲਾਂ ਵਿੱਚ ਰਸੋਈ ਬਗੀਚੇ ਤਿਆਰ ਕੀਤੇ ਜਾਣ, ਤਾਂ ਜੋ ਬੱਚਿਆਂ ਨੂੰ ਤਾਜ਼ੀਆਂ ਅਤੇ ਪੌਸ਼ਟਿਕ ਸਬਜ਼ੀਆਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸਕੂਲਾਂ ਵਿੱਚ ਜਗ੍ਹਾ ਉਪਲਬਧ ਹੈ, ਉੱਥੇ ਬਾਗਬਾਨੀ, ਖੇਤੀਬਾੜੀ ਅਤੇ ਆਯੁਰਵੈਦਿਕ ਵਿਭਾਗਾਂ ਨਾਲ ਤਾਲਮੇਲ ਕਰਕੇ ਫਲਦਾਰ, ਹਰਬਲ ਅਤੇ ਸਬਜ਼ੀ ਬਾਗ ਵਿਕਸਤ ਕੀਤੇ ਜਾਣ।
ਚੇਅਰਮੈਨ ਨੇ ਸਿੱਖਿਆ ਅਧਿਕਾਰੀਆਂ ਨੂੰ ਬੱਚਿਆਂ ਦੇ ਨਿਯਮਿਤ ਸਿਹਤ ਜਾਂਚ ਕੈਂਪ ਲਗਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਮਿਡ-ਡੇਅ ਮੀਲ ਕੁੱਕਾਂ ਲਈ ਸਲਾਨਾ ਸਿਖਲਾਈ ਕੈਲੰਡਰ ਤਿਆਰ ਕਰਨ ਦੀ ਹਦਾਇਤ ਵੀ ਕੀਤੀ, ਤਾਂ ਜੋ ਉਨ੍ਹਾਂ ਨੂੰ ਪੋਸ਼ਟਿਕ ਅਤੇ ਸੁਰੱਖਿਅਤ ਭੋਜਨ ਤਿਆਰ ਕਰਨ ਸਬੰਧੀ ਜ਼ਰੂਰੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਬਣ ਰਹੇ ਨਵੇਂ ਆਂਗਣਵਾੜੀ ਕੇਂਦਰਾਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਲਈ ਗਈ ਅਤੇ ਨਿਰਦੇਸ਼ ਦਿੱਤੇ ਗਏ ਕਿ ਉਸਾਰੀ ਕੰਮ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਡੀ.ਐੱਫ.ਐੱਸ.ਸੀ. ਅਧਿਕਾਰੀਆਂ ਨੂੰ ਕਿਹਾ ਗਿਆ ਕਿ ਰਾਸ਼ਨ ਡਿੱਪੂਆਂ ਦੇ ਬਾਹਰ ਡਿਸਪਲੇਅ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਹੈਲਪਲਾਈਨ ਅਤੇ ਸ਼ਿਕਾਇਤ ਨੰਬਰ 9876 764545 ਨੂੰ ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿੱਪੂਆਂ ’ਤੇ ਪ੍ਰਮੁੱਖ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਕਿਹਾ, ਤਾਂ ਜੋ ਆਮ ਜਨਤਾ ਅਤੇ ਲਾਭਪਾਤਰੀ ਆਸਾਨੀ ਨਾਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਭਲਾਈ ਸਕੀਮਾਂ ਦੀ ਨਿਗਰਾਨੀ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਧੇਰੇ ਯਤਨ ਕੀਤੇ ਜਾਣਗੇ।

ਮੀਟਿੰਗ ਵਿੱਚ ਸਹਾਇਕ ਫੂਡ ਕਮਿਸ਼ਨਰ ਡਾ. ਜੀ.ਐਸ. ਪੰਨੂ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਪਰਮਜੀਤ ਕੌਰ, ਸਿਵਲ ਸਰਜਨ ਗੁਰਦਾਸਪੁਰ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।


Share & like

Leave a Reply