Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 14 ਫਰਵਰੀ
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਵੱਲੋਂ ਹਰ ਸ਼ਨੀਵਾਰ ਸੂਬਾ ਭਰ ਵਿੱਚ ਨਵੇਂ ਕਿਰਤ ਕੋਡਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕਰਨ ਦੀ ਮੁਹਿੰਮ ਤਹਿਤ ਅੱਜ ਲੇਬਰ ਚੌਂਕ ਗੁਰਦਾਸਪੁਰ ਵਿਖੇ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰ ਆਗੂ ਜੋਤੀ ਲਾਲ ਪਾਹੜਾ ਦੀ ਅਗਵਾਈ ਹੇਠ ਇਕੱਠੇ ਹੋਏ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਚਾਰ ਲੇਬਰ ਕੋਡਾਂ ਦੀਆਂ ਕਾਪੀਆਂ ਸਾੜੀਆਂ ਅਤੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਇਫਟੂ ਦੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ ਅਤੇ ਸਕੱਤਰ ਜੋਗਿੰਦਰ ਪਾਲ ਘੁਰਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਚਾਰ ਲੇਬਰ ਕੋਡ ਮਜ਼ਦੂਰ ਵਰਗ ਦੇ ਹੱਕਾਂ ‘ਤੇ ਵੱਡਾ ਹਮਲਾ ਹਨ। ਉਨ੍ਹਾਂ ਦੱਸਿਆ ਕਿ 21 ਨਵੰਬਰ 2025 ਤੋਂ 29 ਪੁਰਾਣੇ ਕਿਰਤ ਕਾਨੂੰਨਾਂ ਦੀ ਥਾਂ 4 ਲੇਬਰ ਕੋਡ ਲਾਗੂ ਕੀਤੇ ਗਏ ਸਨ, ਜਿਨ੍ਹਾਂ ਦਾ ਦੇਸ਼ ਭਰ ਵਿੱਚ ਵਿਰੋਧ ਹੋਣ ਕਾਰਨ ਉਨ੍ਹਾਂ ਦੀ ਲਾਗੂਅਤ ਨੂੰ 1 ਅਪ੍ਰੈਲ 2026 ਤੱਕ ਟਾਲ ਦਿੱਤਾ ਗਿਆ ਹੈ।
ਆਗੂਆਂ ਦਾ ਦਾਅਵਾ ਸੀ ਕਿ ਇਹ ਨਵੇਂ ਕੋਡ ਮਜ਼ਦੂਰਾਂ ਦੇ ਬੁਨਿਆਦੀ ਅਧਿਕਾਰਾਂ ਨੂੰ ਖਤਮ ਕਰਦੇ ਹਨ। ਉਨ੍ਹਾਂ ਅਨੁਸਾਰ ਇਹ ਕਾਨੂੰਨ ਯੂਨੀਅਨ ਬਣਾਉਣ ਅਤੇ ਹੜਤਾਲ ਕਰਨ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦੇ ਹਨ, ਕੰਮ ਦੇ ਘੰਟੇ ਵਧਾਉਂਦੇ ਹਨ ਅਤੇ ਰੁਜ਼ਗਾਰ ਸੁਰੱਖਿਆ ਨੂੰ ਘਟਾਉਂਦੇ ਹਨ। ਉਨ੍ਹਾਂ ਕਿਹਾ ਕਿ ਪੱਕੀਆਂ ਨੌਕਰੀਆਂ ਦੀ ਥਾਂ ਠੇਕੇਦਾਰੀ ਪ੍ਰਣਾਲੀ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ ਅਤੇ ਮਜ਼ਦੂਰਾਂ ਦੀ ਸੁਰੱਖਿਆ ਪ੍ਰਤੀ ਮਾਲਕਾਂ ਦੀ ਜਵਾਬਦੇਹੀ ਘਟਾਈ ਜਾ ਰਹੀ ਹੈ।
ਇਫਟੂ ਆਗੂਆਂ ਨੇ ਕਿਹਾ ਕਿ ਇਹ ਕੋਡ ਸਕੀਮ ਵਰਕਰਾਂ, ਗਿਗ ਵਰਕਰਾਂ, ਆਉਟਸੋਰਸ ਅਤੇ ਕੱਚੇ ਕਰਮਚਾਰੀਆਂ ਦੇ ਹੱਕਾਂ ਲਈ ਵੀ ਘਾਤਕ ਹਨ। ਇਸ ਦੇ ਨਾਲ ਹੀ ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਮਨਰੇਗਾ ਸਕੀਮ ਬਹਾਲ ਕਰਨ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਭਾਰਤ-ਅਮਰੀਕਾ ਵਪਾਰ ਡੀਲ ‘ਤੇ ਵੀ ਅਸਹਿਮਤੀ ਜਤਾਈ।

ਪ੍ਰਦਰਸ਼ਨ ਦੌਰਾਨ ਸੰਦੀਪ ਕੁਮਾਰ ਹੱਲਾ, ਮਹਿੰਦਰ ਪਾਲ ਕੇਸੋਪੁਰ, ਬੋਧਰਾਜ, ਮਾਨ ਕੌਰ, ਫਿਲਿਪਸ, ਦਰਸ਼ਨ ਲਾਲ, ਨੀਰਜ, ਬਾਊ, ਗਰੀਬੂ, ਲਵ ਕੁਮਾਰ ਅਤੇ ਅਰਜਨ ਸਮੇਤ ਹੋਰ ਕਈ ਵਰਕਰ ਮੌਜੂਦ ਸਨ।
ਇਫਟੂ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਨਵੇਂ ਕਿਰਤ ਕੋਡ ਵਾਪਸ ਨਾ ਲਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


Share & like

Leave a Reply